ਨਵੀਂ ਦਿੱਲੀ: ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਫੌਜ ਵਿੱਚ ਭਰਤੀ ਲਈ ਅਗਨੀਪਥ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਦਾ ਦੇਸ਼ ਭਰ ਦੇ ਨੌਜਵਾਨ ਵਿਰੋਧ ਕਰ ਰਹੇ ਹਨ ਅਤੇ ਸੜਕਾਂ ‘ਤੇ ਆ ਕੇ ਭੰਨਤੋੜ ਅਤੇ ਅੱਗਜ਼ਨੀ ਕਰ ਰਹੇ ਹਨ।… ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਅਗਨੀਪੱਥ ਯੋਜਨਾ ਦੇ ਖਿਲਾਫ ਹਿੰਸਕ ਪ੍ਰਦਰਸ਼ਨ ਵੀ ਹੋਏ ਹਨ। ਦੇਸ਼ ਭਰ ਵਿੱਚ ਇਸ ਯੋਜਨਾ ਦੇ ਵਿਰੋਧ ਵਿੱਚ ਕਈ ਸੰਗਠਨਾਂ ਨੇ ਅੱਜ (20 ਜੂਨ) ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਭਾਰਤ ਬੰਦ ਦੇ ਐਲਾਨ ਤੋਂ ਬਾਅਦ ਰਾਜਾਂ ਦੀ ਪੁਲਿਸ ਨੇ ਆਪਣੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ। ਜੀਆਰਪੀ ਅਤੇ ਆਰਪੀਐਫ ਨੇ ਵੀ ਰੇਲਵੇ ਨੂੰ ਨੁਕਸਾਨ ਤੋਂ ਬਚਾਉਣ ਲਈ ਕਮਰ ਕੱਸ ਲਈ ਹੈ।
ਹਰਿਆਣਾ ਵਿੱਚ ਪਿਛਲੇ ਦਿਨੀਂ ਇਸ ਅੰਦੋਲਨ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਸਨ। ਅਜਿਹੇ ‘ਚ ਭਾਰਤ ਬੰਦ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਫਰੀਦਾਬਾਦ ਪੁਲਸ ਨੇ ਆਪਣੀ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਹੈ। ਯੂਪੀ ਵਿੱਚ ਨੋਇਡਾ ਪੁਲਿਸ ਦਾ ਕਹਿਣਾ ਹੈ ਕਿ ਗੌਤਮ ਬੁੱਧ ਨਗਰ ਵਿੱਚ ਧਾਰਾ 144 ਪਹਿਲਾਂ ਹੀ ਲਾਗੂ ਹੈ, ਇਸ ਲਈ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਗ੍ਰੇਟਰ ਨੋਇਡਾ ‘ਚ ਯਮੁਨਾ ਐਕਸਪ੍ਰੈਸਵੇਅ ‘ਤੇ ਸ਼ੁੱਕਰਵਾਰ ਨੂੰ ਹੋਏ ਪ੍ਰਦਰਸ਼ਨ ਦੇ ਸਬੰਧ ‘ਚ 200 ਤੋਂ ਜ਼ਿਆਦਾ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਝਾਰਖੰਡ ਵਿੱਚ ਵੀ ਭਾਰਤ ਬੰਦ ਦੇ ਮੱਦੇਨਜ਼ਰ ਸਾਰੇ ਸਕੂਲ ਅਤੇ ਕੁਝ ਸੰਸਥਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਝਾਰਖੰਡ ਦੇ ਸਿੱਖਿਆ ਸਕੱਤਰ ਰਾਜੇਸ਼ ਸ਼ਰਮਾ ਨੇ ਕਿਹਾ ਕਿ ਭਾਰਤ ਬੰਦ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਵੀ ਭਾਰਤ ਨੂੰ ਲੈ ਕੇ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ।
ਪੰਜਾਬ ਦੇ ਏਡੀਜੀਪੀ, ਲਾਅ ਐਂਡ ਆਰਡਰ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਭਾਰਤ ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ‘ਚ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਤੋਂ ਗਲਤ ਜਾਣਕਾਰੀ ਫੈਲਾਉਣ ਵਾਲਿਆਂ ‘ਤੇ ਵੀ ਨਜ਼ਰ ਰੱਖ ਰਹੇ ਹਾਂ। ਅਸੀਂ ਇਸ ਗੱਲ ਦਾ ਖਾਸ ਧਿਆਨ ਰੱਖਾਂਗੇ ਕਿ ਭਾਰਤ ਬੰਦ ਦੌਰਾਨ ਕੋਈ ਵੀ ਇਸ ਪਲੇਟਫਾਰਮ ਦੀ ਦੁਰਵਰਤੋਂ ਨਾ ਕਰੇ।