ਚੰਡੀਗੜ੍ਹ: ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਚੰਡੀਗੜ੍ਹ ਦੇ ਸੈਕਟਰ 17 ਪਲਾਜ਼ਾ ਵਿਖੇ ਮੋਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਅਗਨੀਪਥ ਸਕੀਮ’ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਨੌਜਵਾਨਾਂ, ਬੁੱਧੀਜੀਵੀਆਂ ਅਤੇ ਸਮਾਜ ਸੇਵੀਆਂ ਨੇ ਸ਼ਮੂਲੀਅਤ ਕੀਤੀ।…. ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਿੱਥੇ ਸਮੁੱਚੀ ਕਿਰਤੀ ਅਬਾਦੀ ਵੱਧ ਰਹੀ ਮਹਿੰਗਾਈ, ਗਰੀਬੀ ਅਤੇ ਨਿੱਜੀਕਰਨ ਕਾਰਨ ਦੁਖੀ ਹੈ, ਉੱਥੇ ਹੀ ਦੇਸ਼ ਦਾ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ। ਮੋਦੀ ਸਰਕਾਰ ਵਿੱਚ ਬੇਰੁਜ਼ਗਾਰੀ ਨੇ ਪਿਛਲੇ 45 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ ਹਰ ਸਾਲ ਹਜ਼ਾਰਾਂ ਨੌਜਵਾਨ ਖੁਦਕੁਸ਼ੀਆਂ ਕਰਦੇ ਹਨ।
ਮੋਦੀ ਸਰਕਾਰ ਨੇ ਸਥਾਈ ਰੁਜ਼ਗਾਰ ਦੇਣ ਦੀ ਬਜਾਏ ਇਸ ਸਕੀਮ ਰਾਹੀਂ ਨੌਜਵਾਨਾਂ ਦਾ ਮਜ਼ਾਕ ਉਡਾਇਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨੌਜਵਾਨ ਸੜਕਾਂ ‘ਤੇ ਉਤਰ ਆਏ ਹਨ ਅਤੇ ਕਈ ਥਾਵਾਂ ‘ਤੇ ਉਨ੍ਹਾਂ ਦੇ ਪ੍ਰਦਰਸ਼ਨ ਹਿੰਸਕ ਹੋ ਗਏ ਹਨ, ਇਹ ਬੇਰੁਜ਼ਗਾਰ ਨੌਜਵਾਨਾਂ ਦੇ ਜਾਇਜ਼ ਗੁੱਸੇ ਦਾ ਪ੍ਰਗਟਾਵਾ ਹੈ।
ਦੱਸ ਦੇਈਏ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ 4 ਸਾਲ ਬਾਅਦ ਨੌਜਵਾਨ ਫਿਰ ਤੋਂ ਬੇਰੁਜ਼ਗਾਰ ਹੋ ਜਾਣਗੇ। ਉਸ ਤੋਂ ਬਾਅਦ ਅੱਗੇ ਦੀ ਪੜ੍ਹਾਈ ਸ਼ੁਰੂ ਕਰਨਾ ਜਾਂ ਕਿਸੇ ਹੋਰ ਖੇਤਰ ਵਿੱਚ ਰੁਜ਼ਗਾਰ ਪ੍ਰਾਪਤ ਕਰਨਾ ਬਹੁਤ ਮੁਸ਼ਕਲ ਹੋ ਜਾਵੇਗਾ। ਇਨ੍ਹਾਂ ਭਰਤੀਆਂ ਲਈ ਹਜ਼ਾਰਾਂ ਨੌਜਵਾਨਾਂ ਨੇ ਸਰੀਰਕ ਟੈਸਟ ਪਾਸ ਕਰ ਲਿਆ ਹੈ ਅਤੇ ਉਹ ਲਿਖਤੀ ਪ੍ਰੀਖਿਆ ਦੀ ਉਡੀਕ ਕਰ ਰਹੇ ਹਨ। ਇਸ ਨਵੀਂ ਸਕੀਮ ਤਹਿਤ ਵੱਡੀ ਗਿਣਤੀ ਵਿੱਚ ਨੌਜਵਾਨ ਭਰਤੀ ਹੋਣ ਦੀ ਉਮਰ ਤੱਕ ਪਹੁੰਚ ਚੁੱਕੇ ਹਨ। ਇਨ੍ਹਾਂ ਕਾਰਨਾਂ ਕਰਕੇ ਨੌਜਵਾਨਾਂ ਵਿੱਚ ਇਸ ਸਕੀਮ ਦਾ ਤਿੱਖਾ ਵਿਰੋਧ ਹੋ ਰਿਹਾ ਹੈ। ਇਸ ਮੌਕੇ ਬੁਲਾਰਿਆਂ ਨੇ ਮੰਗ ਕੀਤੀ ਕਿ ਠੇਕਾ ਆਧਾਰਿਤ ਭਰਤੀ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਸਰਕਾਰ ਸਾਰੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪੱਕੇ ਰੁਜ਼ਗਾਰ ਦੀ ਗਰੰਟੀ ਦੇਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਨੌਜਵਾਨਾਂ ਖ਼ਿਲਾਫ਼ ਜਾਰੀ ਕੀਤੇ ਪਰਚੇ ਰੱਦ ਕੀਤੇ ਜਾਣ। ਪ੍ਰੋਗਰਾਮ ਵਿੱਚ ਯੋਗੇਸ਼, ਅਮਨਦੀਪ, ਸ਼ਰਨਜੀਤ ਸਿੰਘ, ਪਿਆਰੇ ਲਾਲ ਗਰਗ, ਕੁਲਦੀਪ ਕੁੰਡੂ, ਮੇਘਾ ਸਿੰਘ, ਸੰਦੀਪ ਅਤੇ ਸੋਮੀਆ ਨੇ ਸੰਬੋਧਨ ਕੀਤਾ।