ਜਲੰਧਰ: ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸੂ ਮਸੀਹ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਤੋਂ ਬਾਅਦ ਇਸਾਈ ਭਾਈਚਾਰੇ ਵਿੱਚ ਸਖਤ ਰੋਸ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਚੱਲਦੇ ਆਪਣੇ ਵਿਰੋਧ ਨੂੰ ਦਰਸਾਉਂਦੇ ਹੋਏ ਉਨ੍ਹਾਂ ਵੱਲੋਂ ਅੱਜ ਪੀ.ਏ.ਪੀ. ਚੌਕ ਜਾਮ ਕੀਤਾ ਗਿਆ। ਹਾਲਾਂਕਿ ਪ੍ਰਦਰਸ਼ਨਕਾਰੀਆਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ।
ਕਾਬਿਲਗੌਰ ਹੈ ਕਿ ‘ਵਾਰਿਸ ਪੰਜਾਬੀ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਪ੍ਰਭੂ ਯਿਸੂ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਅਦ ਜਲੰਧਰ ਵਿੱਚ ਈਸਾਈ ਭਾਈਚਾਰੇ ਵੱਲੋਂ ਨੈਸ਼ਨਲ ਹਾਈਵੇਅ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਦੇਰ ਰਾਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਇੱਕ ਪਾਸੇ ਸਟੇਜ ਲਗਾ ਕੇ ਭਾਈਚਾਰੇ ਨੂੰ ਧਰਨਾ ਦੇਣ ਲਈ ਮਨਾ ਲਿਆ ਗਿਆ। ਹੁਣ ਭਾਈਚਾਰੇ ਨੇ ਪੀਏਪੀ ਗਰਾਊਂਡ ਦੇ ਸਾਹਮਣੇ ਇੱਕ ਪਾਸੇ ਸਟੇਜ ਲਗਾ ਦਿੱਤੀ ਹੈ ਅਤੇ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਇਸ ਦੌਰਾਨ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਆਉਣ ਜਾਣ ਵਾਲੇ ਲੋਕਾਂ ਨੂੰ ਕਿਸੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।