ਅੰਮ੍ਰਿਤਸਰ (ਰਾਘਵ)- ਅੰਮ੍ਰਿਤਸਰ ਦੀ ਕੇਂਦਰੀ ਜੇਲ ਫਤਿਹਪੁਰ ਵਿਚ ਵੱਡੀ ਛਾਪੇਮਾਰੀ ਕੀਤੀ ਗਈ, ਜਿਸ ਵਿਚ ਚਾਰ ਕੀਪੈਡ ਮੋਬਾਇਲ ਫੋਨ ਅਤੇ ਇਕ ਚਾਰਜਰ ਬਰਾਮਦ ਕੀਤਾ ਗਿਆ। ਇਹ ਘਟਨਾ ਜੇਲ੍ਹ ਪ੍ਰਸ਼ਾਸਨ ਲਈ ਵੱਡੀ ਸੁਰੱਖਿਆ ਚੁਣੌਤੀ ਬਣ ਕੇ ਸਾਹਮਣੇ ਆਈ ਹੈ।
ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇਹ ਚੈਕਿੰਗ ਸ਼ਨੀਵਾਰ ਨੂੰ ਕੀਤੀ ਗਈ। ਇਸ ਦੌਰਾਨ ਜੇਲ੍ਹ ਵਿੱਚ ਬੰਦ ਕੈਦੀਆਂ ਕੋਲੋਂ ਇਹ ਮੋਬਾਈਲ ਫ਼ੋਨ ਅਤੇ ਚਾਰਜਰ ਬਰਾਮਦ ਹੋਏ ਹਨ। ਇਸ ਮਾਮਲੇ ਵਿੱਚ ਚਾਰ ਕੈਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਬਾਕੀ ਤਿੰਨ ਅਜੇ ਅਣਪਛਾਤੇ ਹਨ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਅਜਮੇਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਰਾਮਦ ਕੀਤੇ ਮੋਬਾਈਲ ਫ਼ੋਨਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਨਾਲ ਜੇਲ੍ਹ ਵਿੱਚ ਮੋਬਾਈਲ ਫੋਨਾਂ ਦੀ ਮੌਜੂਦਗੀ ਪਿੱਛੇ ਸੰਭਾਵਿਤ ਗਤੀਵਿਧੀਆਂ ਦਾ ਪਤਾ ਲਗਾਇਆ ਜਾ ਸਕਦਾ ਹੈ।
ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੋਵੇਂ ਹੀ ਚੌਕਸ ਹੋ ਗਏ ਹਨ ਅਤੇ ਕੈਦੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਜੇਲ੍ਹ ਵਿੱਚ ਬੰਦ ਹੋਰ ਕੈਦੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।