ਅੰਮ੍ਰਿਤਸਰ: ਅੱਜ ਦਿਨ ਦਿਹਾੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਦਰਸ਼ਨ ਅਤੇ ਧਰਨੇ ਦੌਰਾਨ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਸੂਰੀ ਨੂੰ .30 ਕੈਲੀਬਰ ਰਿਵਾਲਵਰ ਨਾਲ ਦੋ ਵਾਰ ਗੋਲੀ ਮਾਰੀ ਗਈ ਸੀ। ਸੁਧੀਰ ਸੂਰੀ ਗੋਪਾਲ ਮੰਦਿਰ ਨੇੜੇ ਹੋਏ ਝਗੜੇ ਨੂੰ ਲੈ ਕੇ ਧਰਨੇ ‘ਤੇ ਬੈਠਾ ਸੀ ਤਾਂ ਭੀੜ ‘ਚ ਖੜ੍ਹੇ ਮੁਲਜ਼ਮਾਂ ਨੇ ਸੂਰੀ ਨੇੜੇ ਆ ਕੇ ਗੋਲੀ ਚਲਾ ਦਿੱਤੀ।
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਗੋਪਾਲ ਮੰਦਿਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵੀ ਮੌਜੂਦ ਸਨ। ਇਸ ਦੌਰਾਨ ਸੁਧੀਰ ਸੂਰੀ ਨੂੰ ਮੰਦਰ ਨੇੜੇ ਦੁਕਾਨਦਾਰ ਨੇ ਗੋਲੀ ਮਾਰ ਦਿੱਤੀ ਅਤੇ ਘਰ ਵਿੱਚ ਲੁੱਕ ਗਿਆ।
ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਪ੍ਰਦਰਸ਼ਨਕਾਰੀ ਲੋਕਾਂ ਨੇ ਗੋਲੀ ਚਲਾਉਣ ਵਾਲੇ ਮੁਲਜ਼ਮ ਦੀ ਕਾਰ ਦੀ ਭੰਨਤੋੜ ਕੀਤੀ। ਆਸ-ਪਾਸ ਦੀਆਂ ਸਾਰੀਆਂ ਦੁਕਾਨਾਂ ਬੰਦ ਸਨ। ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ ਸੀ। ਇਸ ਦੇ ਨਾਲ ਹੀ ਇਸ ਘਟਨਾ ਤੋਂ ਬਾਅਦ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲੀਸ ਸਿਸਟਮ ਢਹਿ ਢੇਰੀ ਹੋ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦੀ ਕਾਰਜਪ੍ਰਣਾਲੀ ‘ਤੇ ਵੀ ਸਵਾਲ ਚੁੱਕੇ ਗਏ।