ਅੰਮ੍ਰਿਤਸਰ: ਆਪਣੀ ਡਰੈਸਿੰਗ ਸੈਂਸ ਨੂੰ ਲੈ ਕੇ ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੁਸਤਾਨੀ ਭਾਊ ਮੁਸ਼ਕਿਲ ‘ਚ ਘਿਰ ਸਕਦੇ ਹਨ। ਦਰਅਸਲ, ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਆਨਲਾਈਨ ਕੈਸੀਨੋ ਚਲਾਉਣ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ‘ਚ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੁਸਤਾਨੀ ਭਾਊ ਇਸ ਨੂੰ ਪ੍ਰਮੋਟ ਕਰ ਰਹੇ ਹਨ। ਮਾਮਲਾ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਪਹੁੰਚ ਗਿਆ ਹੈ ਅਤੇ ਉਹ ਜਲਦ ਹੀ ਦੋਵਾਂ ‘ਤੇ ਕਾਨੂੰਨੀ ਕਾਰਵਾਈ ਕਰ ਸਕਦੇ ਹਨ।
ਜਾਣੋ ਕੀ ਹੈ ਮਾਮਲਾ ?
ਦਰਅਸਲ ‘ਨਾਨਕ ਔਨਲਾਈਨ ਬੁੱਕ’ ਕੈਸੀਨੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਚਲਾਇਆ ਜਾ ਰਿਹਾ ਹੈ। ਇਸ ਦੇ ਪ੍ਰਚਾਰ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਵਰਤੀ ਜਾ ਰਹੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਸਿੱਖ ਧਾਰਮਿਕ ਚਿੰਨ੍ਹ ਓਮਕਾਰ ਵੀ ਲੱਗਾ ਹੋਇਆ ਹੈ। ਹਾਲਾਂਕਿ ਹੁਣ ਇਨ੍ਹਾਂ ਵੀਡੀਓਜ਼ ਨੂੰ ਹਟਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਇਸ ਖੇਡ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਚੱਲ ਰਹੀ ਹੈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਧਾਰਮਿਕ ਚਿੰਨ੍ਹ ਦੀ ਵਰਤੋਂ ਕੀਤੀ ਗਈ ਹੈ। ਬੜੇ ਦੁੱਖ ਦੀ ਗੱਲ ਹੈ ਕਿ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਸੀਂ ਜਲਦ ਹੀ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਹਾਂ।
ਵੀਡੀਓ ਵਿੱਚ ਦਿੱਤਾ ਗਿਆ ਵਟਸਐਪ ਨੰਬਰ
ਤੁਹਾਨੂੰ ਦੱਸ ਦੇਈਏ ਕਿ ਵੀਡੀਓ ਵਿੱਚ ਵਟਸਐਪ ਗਰੁੱਪ ਦਾ ਨੰਬਰ ਵੀ ਦਿੱਤਾ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ। ਜਿਸ ਤੋਂ ਬਾਅਦ ਹੁਣ ਐਸਜੀਪੀਸੀ ਨੇ ਇਸ ਦਾ ਨੋਟਿਸ ਲਿਆ ਹੈ ਅਤੇ ਜਲਦੀ ਹੀ ਇਸ ਸਬੰਧੀ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੁਸਤਾਨੀ ਭਾਊ ਨੂੰ ਵੀ ਨੋਟਿਸ ਜਾਰੀ ਕੀਤਾ ਜਾ ਸਕਦਾ ਹੈ।