ਚੰਡੀਗੜ੍ਹ (ਹਰਮੀਤ): ਕੱਟੜਪੰਥੀ ਵਿਚਾਰਧਾਰਾ ਰੱਖਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਚੋਣ ਨਾਮਜ਼ਦਗੀ ਲਈ 7 ਦਿਨਾਂ ਲਈ ਰਿਹਾਅ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ। ਹਾਈ ਕੋਰਟ ਕਿਸੇ ਵੀ ਸਮੇਂ ਇਸ ਪਟੀਸ਼ਨ ‘ਤੇ ਸੁਣਵਾਈ ਕਰ ਸਕਦੀ ਹੈ। ਮੌਜੂਦਾ ਸਮੇਂ ਵਿੱਚ ਉਹ ਐਨਐਸਏ ਕੇਸ ਵਿੱਚ ਆਪਣੇ ਸਾਥੀਆਂ ਸਮੇਤ ਡਿਬਰੂਗੜ੍ਹ ਕੇਂਦਰੀ ਜੇਲ੍ਹ, ਅਸਾਮ ਵਿੱਚ ਕੈਦ ਹੈ।
ਖਾਲਿਸਤਾਨੀ ਅੰਮ੍ਰਿਤਪਾਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਾ ਚਾਹੁੰਦਾ ਹੈ। ਇਸ ਦੇ ਲਈ ਉਸ ਨੇ ਨਾਮਜ਼ਦਗੀ ਦਾਖਲ ਕਰਨੀ ਹੈ, ਅਜਿਹੀ ਸਥਿਤੀ ਵਿਚ ਉਸ ਨੂੰ ਇਕ ਹਫਤੇ ਲਈ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ ਜਾਣਾ ਚਾਹੀਦਾ ਹੈ। ਜੇਕਰ ਅਜਿਹਾ ਸੰਭਵ ਨਹੀਂ ਹੈ ਤਾਂ ਇਸ ਦੇ ਬਦਲ ਵਜੋਂ ਚੋਣ ਕਮਿਸ਼ਨ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਜੇਲ੍ਹ ਵਿੱਚ ਹੀ ਨਾਮਜ਼ਦਗੀ ਦਾਖ਼ਲ ਕਰਨ ਦਾ ਪ੍ਰਬੰਧ ਕਰੇ। ਉਨ੍ਹਾਂ ਅਪੀਲ ਕੀਤੀ ਹੈ ਕਿ ਡਿਬਰੂਗੜ੍ਹ ਦੇ ਐਚਡੀਐਫਸੀ ਬੈਂਕ ਰਾਹੀਂ ਤਰਨਤਾਰਨ ਦੇ ਐਚਡੀਐਫਸੀ ਬੈਂਕ ਵਿੱਚ ਖਾਤਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ।