ਚੰਡੀਗੜ੍ਹ: ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਇਸ ਦੇ ਚਾਰ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ਼ਨੀਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਵਿੱਚ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਹਨ।…
ਬਰਨਾਲਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਮਹਿੰਦਰ ਕੌਰ ਜੋਸ਼ ਵੀ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਉਹ ਕੇਂਦਰੀ ਮੰਤਰੀਆਂ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮਪ੍ਰਕਾਸ਼, ਪਾਰਟੀ ਦੀ ਸੂਬਾ ਇਕਾਈ ਦੇ ਮੁਖੀ ਅਸ਼ਵਨੀ ਸ਼ਰਮਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ- ਦੁਸ਼ਯੰਤ ਗੌਤਮ, ਤਰੁਣ ਚੁੱਘ, ਸੁਨੀਲ ਜਾਖੜ ਅਤੇ ਮਨਜਿੰਦਰ ਸਿੰਘ ਸਿਰਸਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।…
ਮੁਹਾਲੀ ਤੋਂ ਤਿੰਨ ਵਾਰ ਵਿਧਾਇਕ ਰਹੇ ਬਲਬੀਰ ਸਿੱਧੂ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਸਨ, ਜਦਕਿ ਰਾਮਪੁਰਾ ਫੂਲ ਤੋਂ ਤਿੰਨ ਵਾਰ ਵਿਧਾਇਕ ਰਹੇ ਗੁਰਪ੍ਰੀਤ ਕਾਂਗੜ ਮਾਲ ਮੰਤਰੀ ਸਨ। ਵੇਰਕਾ ਮਾਝਾ ਖੇਤਰ ਦੇ ਉੱਘੇ ਦਲਿਤ ਆਗੂ ਹਨ ਅਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਉਹ ਪਿਛਲੀ ਸਰਕਾਰ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਨ।
ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ਪਿਛਲੀ ਕਾਂਗਰਸ ਸਰਕਾਰ ਵਿੱਚ ਉਦਯੋਗ ਅਤੇ ਵਣਜ ਮੰਤਰੀ ਸਨ। ਬਲਬੀਰ ਸਿੱਧੂ ਦੇ ਭਰਾ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਰਿਆਣਾ ਦੇ ਪੰਚਕੂਲਾ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਅਤੇ ਖੇਲੋ ਇੰਡੀਆ ਯੁਵਾ ਖੇਡਾਂ ਦਾ ਉਦਘਾਟਨ ਕਰਨ ਲਈ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚੇ।