ਪੰਜਾਬ ‘ਚ ਕਿਸਾਨਾਂ ਨੇ ਅੱਜ ਰੇਲਾਂ ਨੂੰ ਰੋਕਣ ਦਾ ਫੈਸਲਾ ਟਾਲ ਦਿੱਤਾ ਹੈ। ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਕਿਸਾਨ ਯੂਨੀਅਨ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਹੈ ਕਿ ਕਿਸਾਨਾਂ ਦੇ ਰਿਹਾਅ ਹੋਣ ਦੀ ਜਾਣਕਾਰੀ ਮਿਲਣ ‘ਤੇ ਰੇਲਾਂ ਨੂੰ ਰੋਕਣ ਦਾ ਫੈਸਲਾ ਰੱਦ ਕਰ ਦਿੱਤਾ ਗਿਆ ਹੈ ਪਰ ਕਿਸਾਨ ਪਹਿਲਵਾਨਾਂ ਦਾ ਸਾਥ ਦੇਣ ਲਈ ਹਾਲੇ ਵੀ ਤਿਆਰ ਹਨ।
ਦਿੱਲੀ ਦੇ ਜੰਤਰ-ਮੰਤਰ ‘ਤੇ ਜਿਨਸੀ ਸੋਸ਼ਣ ਨੂੰ ਲੈ ਕੇ ਧਰਨਾ ਦੇ ਰਹੇ ਦੇਸ਼ ਦੇ ਪਹਿਲਵਾਨਾਂ ਦੇ ਹੱਕ ‘ਚ ਸਿਆਸੀ ਪਾਰਟੀਆਂ ਤੋਂ ਬਾਅਦ ਹੁਣ ਕਿਸਾਨ ‘ਤੇ ਮਜ਼ਦੂਰ ਜਥੇਬੰਦੀਆਂ ਵੀ ਸਾਹਮਣੇ ਆ ਗਈਆਂ ਹਨ। ਕਿਸਾਨ ਜਥੇਬੰਦੀਆਂ ਨੇ ਦੱਸਿਆ ਹੈ ਕਿ ਜਦੋਂ ਉਨ੍ਹਾਂ ਦੇ ਆਗੂ ਧਰਨੇ ਦੀ ਹਮਾਇਤ ਕਰਨ ਲਈ ਦਿੱਲੀ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਬਵਾਨਾ ਥਾਣੇ ਲੈ ਗਏ ਸੀ। ਇਸ ਤੋਂ ਬਾਅਦ ਹੀ ਰੇਲਾਂ ਨੂੰ ਰੋਕਣ ਦਾ ਨਿਰਣੇ ਲਿਆ ਗਿਆ ਸੀ।
ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਮੁਲਜ਼ਮ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਸਗੋਂ ਇੰਨੇ ਦਿਨਾਂ ਤੋਂ ਦਿੱਲੀ ਜੰਤਰ-ਮੰਤਰ ’ਤੇ ਧਰਨੇ ‘ਤੇ ਬੈਠੇ ਇਨਸਾਫ਼ ਦੀ ਮੰਗ ਕਰ ਰਹੇ ਲੋਕਾਂ ’ਤੇ ਹੀ ਕਾਰਵਾਈ ਹੋ ਰਹੀ ਹੈ।ਪਹਿਲਵਾਨਾਂ ਦਾ ਸਮਰਥਨ ਕਰਨ ਵਾਲਿਆਂ ਨੂੰ ਹੀ ਹਿਰਾਸਤ ਵਿੱਚ ਲੈ ਰਹੇ ਹਨ।