ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਈਡੀ ਸਾਹਮਣੇ ਪੇਸ਼ ਹੋਣ ‘ਤੇ ਪਾਰਟੀ ਆਗੂ ਕੇਂਦਰ ਸਰਕਾਰ ਖਿਲਾਫ ਜੰਮ ਕੇ ਹੰਗਾਮਾ ਕਰ ਰਹੇ ਹਨ। ਕਾਰਕੁਨਾਂ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਵੀ ਉਹ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।… ਇਸ ਦੌਰਾਨ ਦਿੱਲੀ ਪੁਲਿਸ ਨੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੀ ਰਿਹਾਇਸ਼ ਦੇ ਆਲੇ-ਦੁਆਲੇ ਤਾਇਨਾਤੀ ਵਧਾ ਦਿੱਤੀ ਹੈ। ਦਿੱਲੀ ਪੁਲਿਸ ਵੱਲੋਂ ਹੁੱਡਾ ਦੇ ਗੇਟ ‘ਤੇ ਬੈਰੀਕੇਡਿੰਗ ਕੀਤੀ ਗਈ ਹੈ। ਉਹ ਰਾਹੁਲ ਗਾਂਧੀ ਦੇ ਸਮਰਥਨ ‘ਚ 2 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਦੱਸ ਦੇਈਏ ਕਿ ਨੈਸ਼ਨਲ ਹੈਰਾਲਡ ਮਾਮਲੇ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਲਗਾਤਾਰ ਤੀਜੇ ਦਿਨ ਈਡੀ ਦੀ ਪੁੱਛਗਿੱਛ ਜਾਰੀ ਹੈ। ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਉਸ ਤੋਂ 11 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਗਈ। ਹੁਣ ਤੱਕ ਈਡੀ ਨੇ ਰਾਹੁਲ ਗਾਂਧੀ ਤੋਂ ਕੁੱਲ 21 ਘੰਟੇ ਪੁੱਛਗਿੱਛ ਕੀਤੀ ਹੈ। ਉਕਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਈਡੀ ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਪੁੱਛਗਿੱਛ ਦੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਪੁਲੀਸ ਨੇ ਰਣਦੀਪ ਸੁਰਜੇਵਾਲਾ, ਅਧੀਰ ਰੰਜਨ ਚੌਧਰੀ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਾਂਗਰਸ ਹੈੱਡਕੁਆਰਟਰ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ।