ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਲੈਣ ਚ ਦਿਕੱਤ ਆਉਣ ਤੋਂ ਬਾਅਦ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ 25 ਅਪ੍ਰੈਲ ਦੀ ਸ਼ਾਮ 7.42 ‘ਤੇ ਉਨ੍ਹਾਂ ਨੇ ਆਖਰੀ ਵਾਰ ਸਾਹ ਲਏ।
ਪ੍ਰਕਾਸ਼ ਸਿੰਘ ਬਾਦਲ ਦੇਸ਼ ਦੀ ਸਿਆਸਤ ਦੇ ਸਭ ਤੋਂ ਪੁਰਾਣੇ ਆਗੂ ਸਨ। ਉਨ੍ਹਾਂ ਦੇ ਦੇਹਾਂਤ ‘ਤੇ ਕੇਂਦਰ ਸਰਕਾਰ ਨੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ, ਦੋ ਦਿਨ ਦੇਸ਼ ਭਰ ‘ਚ ਝੰਡਾ ਅੱਧਾ ਝੁਕਾਇਆ ਜਾਵੇਗਾ। ਇਸ ਦੇ ਨਾਲ ਹੀ ਸਾਰੇ ਅਧਿਕਾਰਤ ਮਨੋਰੰਜਨ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ ਭਲਕੇ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਪਹਿਰ ਕਰੀਬ 12 ਵਜੇ ਚੰਡੀਗੜ੍ਹ ਪਹੁੰਚਣ ਵਾਲੇ ਹਨ | ਉਹ ਇੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ‘ਤੇ ਸ਼ਰਧਾਂਜਲੀ ਭੇਟ ਕਰਨਗੇ |ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਸੀ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖਿਆ ਜਾ ਰਿਹਾ ਹੈ। ਭਲਕੇ ਯਾਨੀ ਵੀਰਵਾਰ ਨੂੰ ਦੁਪਹਿਰ 1 ਵਜੇ ਜੱਦੀ ਪਿੰਡ ਬਾਦਲ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।ਇਸ ਦੌਰਾਨ ਸਾਰੇ ਦਫਤਰ ਅਤੇ ਸਰਕਾਰੀ ਸੰਸਥਾਵਾਂ ਬੰਦ ਰਹਿਣ ਵਾਲੀਆਂ ਹਨ |