ਪੰਜਾਬ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹੇ ਦੋ ਮਹੀਨੇ ਹੋ ਗਏ ਹਨ। ਇਸ ਸਾਲ 15 ਅਗਸਤ ਨੂੰ ਸੂਬੇ ਵਿੱਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 41 ਤਰ੍ਹਾਂ ਦੇ ਟੈਸਟ ਅਤੇ 100 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਦਾ ਦਾਅਵਾ ਹੈ ਕਿ ਪਿਛਲੇ ਦੋ ਮਹੀਨਿਆਂ ਵਿੱਚ ਇਨ੍ਹਾਂ ਕਲੀਨਿਕਾਂ ਵਿੱਚ ਤਿੰਨ ਲੱਖ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਸੂਬੇ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਸਿਵਲ ਹਸਪਤਾਲਾਂ ’ਤੇ ਪਿਆ ਦਬਾਅ ਵੀ ਘੱਟ ਗਿਆ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕਹਿਣਾ ਹੈ ਕਿ ਸੂਬੇ ਦੇ 100 ਆਮ ਆਦਮੀ ਕਲੀਨਿਕਾਂ ‘ਤੇ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕਲੀਨਿਕ ਓ.ਪੀ.ਡੀ ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜੋ ਹੁਣ ਤੱਕ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸਹੂਲਤਾਂ ਦਾ ਲਾਭ ਨਹੀਂ ਲੈ ਰਹੇ ਸਨ। ਸਿਹਤ ਮੰਤਰੀ ਨੇ ਦੱਸਿਆ ਕਿ 15 ਅਗਸਤ ਤੋਂ 15 ਅਕਤੂਬਰ 2022 ਤੱਕ ਮਰੀਜ਼ਾਂ ਦੀ ਗਿਣਤੀ 3,47,193 ਤੱਕ ਪਹੁੰਚ ਗਈ ਹੈ।ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 45,570 ਕਲੀਨਿਕਲ ਟੈਸਟ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ 90 ਫੀਸਦੀ ਮਰੀਜ਼ ਇਲਾਜ ਦੀ ਸਹੂਲਤ ਲੈ ਰਹੇ ਹਨ, ਜਿਸ ਨਾਲ ਹਸਪਤਾਲਾਂ ‘ਤੇ ਬੋਝ ਘਟਿਆ ਹੈ।