ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਵੀਰਵਾਰ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਮਜੀਠੀਆ ਵੀ ਮੌਜੂਦ ਸਨ। ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹਾਈਕੋਰਟ ਤੋਂ ਸਾਢੇ 5 ਮਹੀਨੇ ਬਾਅਦ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਬੁੱਧਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣਾ ਸੱਚ ਦੀ ਜਿੱਤ ਹੈ। ਇਹ ਸਭ ਵਾਹਿਗੁਰੂ ਦੀ ਕਿਰਪਾ ਸਦਕਾ ਹੀ ਸੰਭਵ ਹੋ ਸਕਿਆ ਹੈ। ਉਸ ਦਾ ਵਾਹਿਗੁਰੂ ਵਿੱਚ ਅਟੁੱਟ ਵਿਸ਼ਵਾਸ ਹੈ। ਉਸ ਨੂੰ ਕਿਹਾ ਕਿ ਸੱਚ ਦੀ ਲੰਬੀ ਲੜਾਈ ਅਜੇ ਲੜਨੀ ਬਾਕੀ ਹੈ ਅਤੇ ਇਹ ਵਾਹਿਗੁਰੂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ।