ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫਤ ਬਿਜਲੀ ਦੇਣ ਦੇ ਵਾਅਦੇ ਤੋਂ ਬਾਅਦ ਹੁਣ ਘਰਾਂ ਦੇ ਬਿੱਲ ਜ਼ੀਰੋ ‘ਤੇ ਆਉਣ ਲੱਗੇ ਹਨ। ਇਸ ਦੇ ਨਾਲ ਹੀ ਇਸ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦੀ ਛੋਟ ਦੇਣ ਕਾਰਨ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿੱਲ ਜ਼ੀਰੋ ‘ਤੇ ਆ ਗਏ ਹਨ।
‘ਆਪ’ ਸਰਕਾਰ ਪਹਿਲੀ ਸਰਕਾਰ ਹੈ ਜੋ ਸ਼ੁਰੂਆਤੀ ਸਾਲ ‘ਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਆਪਣੀ ਸੱਤਾ ਦੇ ਆਖਰੀ ਸਾਲ ‘ਚ ਛੋਟੇ-ਛੋਟੇ ਚੋਣ ਵਾਅਦੇ ਪੂਰੇ ਕਰਦੀਆਂ ਰਹੀਆਂ ਹਨ। ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਬਿਜਲੀ ਮੁਆਫੀ ਵਿੱਚ ਕੋਈ ਜਾਤੀ-ਧਰਮ ਦਾ ਭੇਦਭਾਵ ਨਹੀਂ ਹੈ, 600 ਯੂਨਿਟ ਤੱਕ ਬਿਜਲੀ ਦੀ ਖਪਤ ਕਰਨ ਵਾਲੇ ਹਰ ਘਰ ਨੂੰ ਜ਼ੀਰੋ ਬਿਜਲੀ ਦਾ ਬਿੱਲ ਮਿਲੇਗਾ। ਇਸ ਤੋਂ ਵੱਧ ਵਰਤੋਂ ਕਰਨ ਵਾਲੇ ਉਪਭੋਗਤਾ ਨੂੰ ਬਿਜਲੀ ਬਿੱਲ ਦਾ ਭੁਗਤਾਨ ਕਰਨਾ ਹੋਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਜੁਲਾਈ ਤੋਂ ਦਿੱਤੀ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਦੇ ਬਿੱਲਾਂ ਵਿੱਚੋਂ 25 ਲੱਖ ਖਪਤਕਾਰਾਂ ਨੂੰ ਬਿੱਲ ਨਹੀਂ ਭਰਨੇ ਪੈਣਗੇ। ਕੁੱਲ 72 ਲੱਖ ਘਰੇਲੂ ਖਪਤਕਾਰਾਂ ਵਿੱਚੋਂ 42 ਲੱਖ ਖਪਤਕਾਰਾਂ ਨੂੰ ਬਿੱਲ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 25 ਲੱਖ ਘਰਾਂ ਨੂੰ ਜ਼ੀਰੋ ਬਿੱਲ ਮਿਲੇ ਹਨ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ 3 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਸਬਸਿਡੀ ਵਾਲੀ ਬਿਜਲੀ ਦਾ ਲਾਭ ਮਿਲਿਆ ਹੈ।