ਚੰਡੀਗੜ੍ਹ: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ। ਇਸ ਸਬੰਧੀ ਬੀਤੇ ਦਿਨ ਕਿਸਾਨ ਜਥੇਬੰਦੀਆਂ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ।
ਮੀਟਿੰਗ ‘ਚ ਹੋਈ ਸਹਿਮਤੀ ਤੋਂ ਬਾਅਦ 29 ਅਕਤੂਬਰ ਯਾਨਿ ਅੱਜ ਕਿਸਾਨ ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਚੱਲ ਰਹੇ ਧਰਨੇ ਨੂੰ ਸਮਾਪਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਅਸੀਂ ਕਿਸਾਨ ਆਗੂ ਜੋਧਿੰਦਰ ਸਿੰਘ ਉਂਗਰਾਹਾ ਅਤੇ ਉਨ੍ਹਾਂ ਦੀ ਪੰਜ ਮੈਂਬਰੀ ਟੀਮ ਨਾਲ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ ਅਤੇ ਹੁਣ ਕਿਸਾਨ ਭਲਕੇ ਆਪਣਾ ਧਰਨਾ ਸਮਾਪਤ ਕਰਨਗੇ।