ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ ।ਪਰ ਹਿਮਾਚਲ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ‘ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ।