ਪੰਜਾਬ ਸਰਕਾਰ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈਕ ਬਣਾਇਆ ਜਾ ਰਿਹਾ ਹੈ । ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਵੱਡਾ ਫੈਸਲਾ ਲਿਆ ਹੈ। ਇਸ ਲਈ 26 ਕਰੋੜ 40 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ।
ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਪੰਜਾਬ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ ਨਾਲ ਅਪਗ੍ਰੇਡ ਕਰਨ ਦੀ ਗੱਲ ਆਖੀ ਗਈ ਹੈ ।
ਇਹ ਕੈਮਰੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਨਾਲ-ਨਾਲ ਸਿੱਖਿਆ ਵਿਵਸਥਾ ਦੀ ਨਿਗਰਾਨੀ ਲਈ ਲਗਾਏ ਜਾਣਗੇ। ਹਾਲਾਂਕਿ ਸੂਬਾ ਸਰਕਾਰ ਵੱਲੋਂ ਕੈਮਰੇ ਲਗਾਉਣ ਦੀ ਸਮਾਂ ਸੀਮਾ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 80 ਫੀਸਦੀ ਸਕੂਲਾਂ ਵਿੱਚ ਕੈਮਰੇ ਲਗਾਏ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਸਮੇ ਪਹਿਲਾ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਲਈ ਬੱਸਾਂ ਚਲਾਉਣ ਦਾ ਐਲਾਨ ਕੀਤਾ ਹੈ, ਪਰ ਇਹ ਸਕੀਮ ਕਦੋਂ ਲਾਗੂ ਹੋਵੇਗੀ, ਇਸ ਬਾਰੇ ਪੰਜਾਬ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਪਟਿਆਲਾ ਦੇ ਆਪਣੇ ਸਕੂਲ ਦੌਰੇ ਦੌਰਾਨ ਕੀਤਾ ਸੀ ।
ਪੰਜਾਬ ਸਰਕਾਰ ਨੇ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਇਨ੍ਹੀਂ ਦਿਨੀਂ ਪ੍ਰਿੰਸੀਪਲ ਨੂੰ ਸਿੰਗਾਪੁਰ ਨੈਸ਼ਨਲ ਅਕੈਡਮੀ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ। ਸਾਰੇ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬੈਚਾਂ ਵਿੱਚ ਭੇਜਿਆ ਜਾ ਰਿਹਾ ਹੈ।