ਨਵੀਂ ਦਿੱਲੀ: ਵਿਦੇਸ਼ ਮੰਤਰਾਲੇ (MEA) ਨੇ ਕਿਹਾ ਕਿ ਭਾਰਤ ਨੇ ਆਸਟਰੇਲੀਆ ਨੂੰ ਮੈਲਬੌਰਨ ਨੇੜੇ ਦੋ ਮੰਦਰਾਂ ਵਿੱਚ ਭੰਨਤੋੜ ਦੀ ਘਟਨਾ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਇਸ ਮਾਮਲੇ ਨੂੰ ਕੈਨਬਰਾ ਅਤੇ ਨਵੀਂ ਦਿੱਲੀ ਦੋਵਾਂ ਵਿਚ ਆਸਟ੍ਰੇਲੀਆ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ।
ਬਾਗਚੀ ਨੇ ਕਿਹਾ, “ਹਾਲ ਹੀ ਵਿੱਚ ਆਸਟਰੇਲੀਆ ਵਿੱਚ ਦੋ ਮੰਦਰਾਂ ਦੀ ਭੰਨਤੋੜ ਕੀਤੀ ਗਈ ਹੈ। ਅਸੀਂ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਦੋਵੇਂ ਮੈਲਬੌਰਨ ਦੇ ਨੇੜੇ ਹਨ। ਅਸੀਂ ਉਨ੍ਹਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਹਫਤਾਵਾਰੀ ਪ੍ਰੈੱਸ ਕਾਨਫਰੰਸ ‘ਚ ਇਕ ਸਵਾਲ ਦੇ ਜਵਾਬ ‘ਚ ਬਾਗਚੀ ਨੇ ਕਿਹਾ, ”ਆਸਟ੍ਰੇਲੀਆ ਦੇ ਨੇਤਾਵਾਂ, ਭਾਈਚਾਰੇ ਦੇ ਨੇਤਾਵਾਂ ਅਤੇ ਧਾਰਮਿਕ ਸੰਗਠਨਾਂ ਨੇ ਵੀ ਇਨ੍ਹਾਂ ਘਟਨਾਵਾਂ ਦੀ ਜਨਤਕ ਤੌਰ ‘ਤੇ ਨਿੰਦਾ ਕੀਤੀ ਹੈ।” ਬਾਗਚੀ ਨੇ ਕਿਹਾ ਕਿ ਮੈਲਬੌਰਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਵੀ ਸਥਾਨਕ ਪੁਲਿਸ ਕੋਲ ਮਾਮਲਾ ਉਠਾਇਆ ਹੈ। ਅਸੀਂ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ, ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕੀਤੀ ਹੈ।