ਜਲੰਧਰ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸੂਬੇ ‘ਚ ਬਿਜਲੀ, ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ‘ਤੇ ਪੰਜਾਬ ਸਰਕਾਰ ਦਾ ਘੇਰਾਵ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ‘ਚ ਹਿੰਸਕ ਘਟਨਾਵਾਂ ‘ਚ ਭਾਰੀ ਵਾਧਾ ਹੋਇਆ ਹੈ, ਸਰਕਾਰ ਦੇ ਕਾਰਜਕਾਲ ਦੌਰਾਨ 50 ਤੋਂ ਵੱਧ ਕਤਲ ਹੋ ਚੁੱਕੇ ਹਨ। ਦੂਜੇ ਪਾਸੇ ਸਰਕਾਰ ਦੇ ਫੈਸਲੇ ਗਰੀਬਾਂ ਤੋਂ ਰੁਜ਼ਗਾਰ ਖੋਹ ਰਹੇ ਹਨ।
ਕਾਂਗਰਸੀ ਆਗੂਆਂ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ‘ਤੇ ਕਾਰਵਾਈ ਕਰਨ ‘ਤੇ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਬਦਲੇ ਦੀ ਭਾਵਨਾ ਸਾਫ਼ ਦਿਖਾਈ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ 40 ਫੀਸਦੀ ਨੌਕਰੀਆਂ ਵੀ ਪੰਜਾਬ ਤੋਂ ਬਾਹਰ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਖਹਿਰਾ ਨੇ ਪਟਿਆਲਾ ‘ਚ ਹੋਏ ਸੰਘਰਸ਼ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ।
ਦੱਸ ਦੇਈਏ ਕਿ ਪਟਿਆਲਾ ‘ਚ ਬੀਤੇ ਦਿਨ ਦੋ ਗੁੱਟਾਂ ਵਿਚਾਲੇ ਹੋਈ ਝੜਪ ਨੇ ਹਿੰਸਾ ਦਾ ਰੂਪ ਲੈ ਲਿਆ ਸੀ। ਇਸ ਦੌਰਾਨ ਸ਼ਰੇਆਮ ਤਲਵਾਰਾਂ ਤੇ ਪਥਰਾਅ ਵੀ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ‘ਚ ਪੁਲਿਸ ਵਾਲੇ ਵੀ ਜ਼ਖਮੀ ਹੋਏ ਹਨ। ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਅੱਜ ਸਵੇਰੇ 6 ਵਜੇ ਤੱਕ ਕਰਫਿਊ ਵੀ ਲਗਾਇਆ ਗਿਆ ਸੀ। ਇਸ ਦੇ ਨਾਲ ਹੀ ਅੱਜ ਸ਼ਾਮ 6 ਵਜੇ ਤੱਕ ਸ਼ਹਿਰ ਵਿੱਚ ਸਾਰੀਆਂ ਇੰਟਰਨੈਟ ਅਤੇ ਐਸਐਮਐਸ ਸੁਵਿਧਾਵਾਂ ਅਸਥਾਈ ਤੌਰ ‘ਤੇ ਬੰਦ ਕਰ ਦਿੱਤੀਆਂ ਗਈਆਂ ਹਨ।