ਇਸ ਸਮੇਂ ਉੱਤਰੀ ਭਾਰਤ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸੇ ਗਰਮੀ ਦੀ ਲਪੇਟ ‘ਚ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਹੁਣ ਪੱਛਮੀ ਗੜਬੜੀ ਦਾ ਅਸਰ ਕਈ ਰਾਜਾਂ ਵਿੱਚ ਦਿਖਾਈ ਦੇਵੇਗਾ ਅਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੇਗੀ। ਪੱਛਮੀ ਰਾਜਸਥਾਨ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਧੂੜ ਭਰੀ ਹਨੇਰੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਨੇ ਉੱਤਰ-ਪੱਛਮੀ ਭਾਰਤ ਵਿੱਚ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਹਰਿਆਣਾ, ਪੰਜਾਬ ਅਤੇ ਦਿੱਲੀ ਵਿਚ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਇਲਾਵਾ ਤਾਮਿਲਨਾਡੂ, ਕੇਰਲ, ਅਸਾਮ ਅਤੇ ਆਸਪਾਸ ਦੇ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 12 ਅਤੇ 13 ਅਪ੍ਰੈਲ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਇੱਥੇ ਜ਼ਿਆਦਾ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ।
ਇੱਥੇ ਭਾਰੀ ਮੀਂਹ ਪੈ ਸਕਦਾ ਹੈ:
ਮੌਸਮ ਵਿਭਾਗ ਮੁਤਾਬਕ 13 ਤੋਂ 16 ਅਪ੍ਰੈਲ ਤੱਕ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ। ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 13 ਅਤੇ 14 ਅਪ੍ਰੈਲ ਨੂੰ ਉੱਤਰਾਖੰਡ ਦੇ ਅੱਠ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਚਮੋਲੀ, ਉੱਤਰਕਾਸ਼ੀ, ਟਿਹਰੀ, ਪੌੜੀ, ਦੇਹਰਾਦੂਨ, ਬਾਗੇਸ਼ਵਰ ਅਤੇ ਪਿਥੌਰਾਗੜ੍ਹ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।