ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ਵਿੱਚ 24 ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਅੱਜ ਪੰਜਾਬ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਦੇ ਡਬਲ ਬੈਂਚ ਨੇ ਅੱਜ ਇਹ ਫੈਸਲਾ ਦਿੱਤਾ ਹੈ। ਦੱਸ ਦੇਈਏ ਕਿ 29 ਜੁਲਾਈ ਨੂੰ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਇਸ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਦਾ ਰੁਖ ਵੀ ਕੀਤਾ ਸੀ ਪਰ ਉਥੋਂ ਉਸ ਨੂੰ ਹਾਈਕੋਰਟ ਜਾਣ ਦੇ ਹੁਕਮ ਮਿਲ ਗਏ।
ਇਸ ਦੇ ਨਾਲ ਹੀ ਮਜੀਠੀਆ ਦੀ ਰੈਗੂਲਰ ਜ਼ਮਾਨਤ ‘ਤੇ ਸੁਣਵਾਈ ਲਈ ਦੋ ਜੱਜ ਵੀ ਸੁਣਵਾਈ ਤੋਂ ਹਟ ਗਏ ਸਨ। ਜਸਟਿਸ ਮਸੀਹ ਨੇ ਉਨ੍ਹਾਂ ਦੀ ਜ਼ਮਾਨਤ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਇਹ ਮਾਮਲਾ ਜਸਟਿਸ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਕੋਲ ਭੇਜਿਆ ਗਿਆ ਪਰ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਇਸ ਦੀ ਸੁਣਵਾਈ ਕਰ ਰਹੀ ਸੀ। ਜ਼ਿਕਰਯੋਗ ਹੈ ਕਿ ਸਾਬਕਾ ਸੀਐਮ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਸੀ।