ਤਰਨਤਾਰਨ: ਤਰਨਤਾਰਨ ਵਿੱਚ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਵਿੱਚ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਸ ਮਾਮਲੇ ‘ਚ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ, ਜਿਸ ‘ਚ ਹਮਲਾਵਰ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਇੱਕ ਢਾਬੇ ਦੀ ਦੱਸੀ ਜਾ ਰਹੀ ਹੈ।
ਪੁਲਿਸ ਨੇ 4 ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ
ਤੁਹਾਨੂੰ ਦੱਸ ਦੇਈਏ ਕਿ ਇਸ ਹਮਲੇ ਵਿੱਚ ਪੰਜਾਬ ਪੁਲਿਸ ਨੇ ਹੁਣ ਤੱਕ 4 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਨੇ ਇਸ ਨੂੰ ਅੰਜਾਮ ਦੇਣ ਵਿੱਚ ਸਾਜ਼ੋ-ਸਾਮਾਨ ਦੀ ਮਦਦ ਕੀਤੀ ਸੀ। ਪੁਲਿਸ ਨੇ ਦੱਸਿਆ ਕਿ ਹਮਲੇ ਨੂੰ ਅੰਜਾਮ ਦੇਣ ਵਾਲੇ ਦੋ ਸ਼ੱਕੀਆਂ ਨੂੰ ਅਜੇ ਤੱਕ ਫੜਿਆ ਨਹੀਂ ਗਿਆ ਹੈ। ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਆਰਪੀਜੀ ਹਮਲੇ ਵਿੱਚ ਲੌਜਿਸਟਿਕ ਸਪੋਰਟ, ਮੋਟਰਸਾਈਕਲ ਆਦਿ ਦੇਣ ਵਾਲੇ 4 ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ।
ਇਹ ਵੀ ਸਾਹਮਣੇ ਆਇਆ ਹੈ ਕਿ ਇਸ ਘਟਨਾ ਨੂੰ ਗੈਂਗਸਟਰਾਂ ਅਤੇ ਅੱਤਵਾਦੀਆਂ ਨੇ ਮਿਲ ਕੇ ਅੰਜਾਮ ਦਿੱਤਾ ਹੈ। ਵਿਦੇਸ਼ ‘ਚ ਬੈਠੇ ਬਦਨਾਮ ਅੱਤਵਾਦੀ ਲਖਬੀਰ ਸਿੰਘ ਲੰਡਾ ਹਰੀਕੇ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਆਪਣੀ ਜਾਂਚ ‘ਚ ਤੇਜ਼ੀ ਲਿਆ ਕੇ ਇਸ ਹਮਲੇ ਦਾ ਭੇਤ ਲਗਭਗ ਸੁਲਝਾ ਲਿਆ ਹੈ। ਜੇਲ ‘ਚ ਬੰਦ ਗੈਂਗਸਟਰ ਲੰਡਾ ਦੇ ਸਾਥੀ ਅਜਮੀਤ ਸਿੰਘ ਨੂੰ ਗੋਇੰਦਵਾਲ ਸਾਹਿਬ ਜੇਲ ਤੋਂ ਲਿਆਂਦਾ ਗਿਆ ਹੈ। ਇਸ ਤੋਂ ਇਲਾਵਾ 3 ਹੋਰ ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪੁਲਿਸ ਸਟੇਸ਼ਨ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਨੇੜਲੇ ਇਲਾਕੇ ਦੇ ਵਸਨੀਕ ਹਨ। ਪੁਲਿਸ ਨੇ ਇਹ ਵੀ ਪਤਾ ਲਗਾਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਤਰਨਤਾਰਨ ਇਲਾਕੇ ਵਿਚ ਭੇਜੇ ਗਏ ਸਨ। ਸਰਹੱਦੀ ਖੇਤਰ ਵਿੱਚ ਹਥਿਆਰਾਂ ਦੀਆਂ ਹੋਰ ਖੇਪਾਂ ਅਜੇ ਵੀ ਮੌਜੂਦ ਹਨ। ਕਿਸੇ ਵੀ ਸਮੇਂ ਅੱਤਵਾਦੀਆਂ ਦੇ ਸਲੀਪਰ ਸੈੱਲ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇ ਸਕਦੇ ਹਨ। ਇਸ ਕਾਰਨ ਪੰਜਾਬ ਦੇ ਸਰਹੱਦੀ ਇਲਾਕੇ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।