ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਂ ਜਲਦੀ ਹੀ ਇੱਕ ਵੱਡੀ ਪ੍ਰਾਪਤੀ ਜੁੜ ਜਾਵੇਗੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ 31 ਦਸੰਬਰ, 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਦਾ ਟੀਚਾ ਰੱਖਿਆ ਹੈ। ਹੁਣ ਤੱਕ ਸੂਬੇ ਦੇ 34.26 ਲੱਖ ਪੇਂਡੂ ਪਰਿਵਾਰਾਂ ਵਿੱਚੋਂ 99.93 ਫੀਸਦੀ ਪਰਿਵਾਰਾਂ (34.24 ਲੱਖ) ਨੂੰ ਪਾਈਪ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾ ਚੁੱਕੀ ਹੈ। ਸਿਰਫ਼ 125 ਢਾਣੀਆਂ ਹੀ ਬਚੀਆਂ ਹਨ ਅਤੇ ਉੱਥੇ ਵੀ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ।
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਹਿਲੇ ਦਿਨ ਤੋਂ ਹੀ ਯਤਨ ਕਰ ਰਹੀ ਹੈ। ਸਰਕਾਰ ਦਾ ਮਕਸਦ ਹੈ ਕਿ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀਆਂ ਸਹੂਲਤਾਂ ਘਰ ਬੈਠੇ ਹੀ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਪੰਜਾਬ ਸਰਕਾਰ ਨੇ ਹੁਣ ਲਗਭਗ ਸਾਰੇ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਹੈ। ਉਨ੍ਹਾਂ ਇਸ ਕਾਰਜ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਖੁੱਲ੍ਹ ਕੇ ਸ਼ਲਾਘਾ ਵੀ ਕੀਤੀ।
ਦੂਜੇ ਪਾਸੇ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਿਨ੍ਹਾਂ ਘਰਾਂ ਵਿੱਚ ਅਜੇ ਤੱਕ ਪੀਣ ਵਾਲੇ ਪਾਣੀ ਦੀ ਪਾਈਪਾਂ ਦੀ ਸਪਲਾਈ ਨਹੀਂ ਪਹੁੰਚੀ, ਉਨ੍ਹਾਂ ਵਿੱਚ ਇਹ ਸਹੂਲਤ 31 ਦਸੰਬਰ 2022 ਤੱਕ ਮੁਹੱਈਆ ਕਰਵਾਈ ਜਾਵੇ, ਤਾਂ ਜੋ ਸਾਲ 2023 ਤੱਕ ਪੰਜਾਬ ਸਾਰੇ ਪੇਂਡੂ ਘਰਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਏਗਾ।ਪਾਇਪ ਰਾਹੀਂ ਸਪਲਾਈ ਕਰਨ ਵਾਲਾ ਸੂਬਾ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਸੀਂ 31 ਦਸੰਬਰ, 2022 ਤੱਕ ਸੂਬੇ ਵਿੱਚ 100 ਫੀਸਦੀ ਪਾਣੀ ਦੀ ਸਪਲਾਈ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਾਂ, ਜਦਕਿ ਰਾਸ਼ਟਰੀ ਟੀਚਾ 2024 ਹੈ। ਵਰਨਣਯੋਗ ਹੈ ਕਿ ਇਸ ਸਾਲ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ‘ਸਵੱਛ ਭਾਰਤ ਦਿਵਸ’ ਮੌਕੇ ਪੰਜਾਬ ਦੇ 15 ਜ਼ਿਲ੍ਹਿਆਂ ਨੂੰ ‘ਹਰ ਘਰ ਜਲ ਸਰਟੀਫਿਕੇਟ’ ਨਾਲ ਸਨਮਾਨਿਤ ਕੀਤਾ ਗਿਆ ਹੈ।