ਪਟਿਆਲਾ: ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਹੁਣ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ। ਸਾਬਕਾ ਕਾਂਗਰਸੀ ਵਿਧਾਇਕਾਂ ਵੱਲੋਂ ਅੱਜ ਰਾਜਪੁਰਾ ਥਰਮਲ ਸਟੇਸ਼ਨ ਦੇ ਬਾਹਰ ਧਰਨਾ ਦਿੱਤਾ ਗਿਆ। ਜਿਸ ਵਿੱਚ ਹਰਦਿਆਲ ਕੰਬੋਜ, ਨਾਜਰ ਸਿੰਘ ਮਾਨਸ਼ਾਹੀਆ, ਸੁਰਜੀਤ ਧੀਮਾਨ, ਜਗਦੇਵ ਸਿੰਘ ਕਮਾਲੂ ਸਮੇਤ ਕਈ ਸਾਬਕਾ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਇਸ ਧਰਨੇ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ‘ਆਪ’ ਸਰਕਾਰ ਤੇ ਜੰਮ ਕੇ ਭੜਾਸ ਕੱਢੀ। ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ 3 ਘੰਟੇ ਬਿਜਲੀ ਮਿਲਦੀ ਹੈ। ਅਸੀਂ ਇੱਥੇ 2 ਰੁਪਏ ਦੀ ਬਿਜਲੀ 16 ਅਤੇ 17 ਰੁਪਏ ਵਿੱਚ ਖਰੀਦ ਰਹੇ ਹਾਂ। ਮੈਂ ਇਸ ਧਰਨੇ ਰਾਹੀਂ ਲੋਕਾਂ ਦੀ ਆਵਾਜ਼ ਲਈ ਲੜ ਰਿਹਾ ਹਾਂ।
ਦੱਸ ਦੇਈਏ ਕਿ ਪਿਛਲੇ ਦਿਨੀਂ ਸਿੱਧੂ ਪੰਜਾਬ ਦੇ ਰਾਜਪਾਲ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ। ਇੱਥੇ ਵੀ ਉਨ੍ਹਾਂ ਬਿਜਲੀ ਸੰਕਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚ ਬਿਜਲੀ ਸੰਕਟ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪਿੰਡਾਂ ਵਿੱਚ ਬਿਜਲੀ ਦੀ ਕਮੀ ਹੈ। ਇਸ ਦੇ ਨਾਲ ਹੀ ਅੱਜ ਇਸ ਸਬੰਧੀ ਕਾਂਗਰਸ ਵੱਲੋਂ ਧਰਨਾ ਦਿੱਤਾ ਗਿਆ।