ਚੰਡੀਗੜ੍ਹ – ਅੱਜ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਨਵੇਂ ਕਦਮ ਚੁੱਕ ਰਹੀ ਹੈ। ਵੋਟਰਾਂ ਨੂੰ ਲੁਭਾਉਣ ਲਈ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਕਦੀ ਅਤੇ ਨਸ਼ਿਆਂ ਦੇ ਵਹਾਅ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਹੁਣ ਖਤਮ ਹੋ ਗਿਆ ਹੈ, ਸੂਬਾ ਸਰਕਾਰ ਪੁਲੀਸ ਅਧਿਕਾਰੀਆਂ ਤੇ ਤਸਕਰਾਂ ਵਿਚਾਲੇ ਗੱਠਜੋੜ ਖ਼ਿਲਾਫ਼ ਕਾਰਵਾਈ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਨਸ਼ੇ ਗੁਜਰਾਤ ਤੋਂ ਪੰਜਾਬ ਵਿੱਚ ਆਉਂਦੇ ਹਨ ਪਰ ਇਸ ਮਾਮਲੇ ’ਚ ਸੂਬੇ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਜ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਅਤੇ ਹੋਰ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ,‘ਮੈਂ ਡੀਜੀਪੀ ਪੰਜਾਬ ਨੂੰ ਹਰੇਕ ਥਾਣੇ ਵਿੱਚ ਹੇਠਲੇ ਦਰਜੇ ਦੇ ਅਧਿਕਾਰੀਆਂ ਦਾ ਤੁਰੰਤ ਤਬਾਦਲਾ ਕਰਨ ਲਈ ਕਿਹਾ ਹੈ। ਅਜਿਹੇ 10,000 ਤੋਂ ਵੱਧ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜੇ ਕੋਈ ਵੀ ਪੁਲੀਸ ਅਧਿਕਾਰੀ ਨਸ਼ੇ ਦੇ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਨਿਕਲਿਆ ਤਾਂ ਉਸ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਜਾਵੇਗਾ।’