ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਰਕਾਰ ਨੇ ਮੰਡੀਆਂ ਵਿੱਚ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਅਧਿਕਾਰੀਆਂ ਨੂੰ ਆਦੇਸ਼ ਦੇ ਰਹੇ ਹਨ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸੇ ਕੜੀ ਵਿੱਚ ਮੁੱਖ ਮੰਤਰੀ ਵੱਲੋਂ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਕਿ ਮੰਡੀਆਂ ਵਿੱਚ ਫਸਲ ਆਉਣ ਸਾਰ ਹੀ ਕਿਸਾਨਾਂ ਦੀ ਅਦਾਇਗੀ ਤੁਰੰਤ ਕਰ ਦਿੱਤੀ ਜਾਵੇਗੀ ਅਤੇ ਸਰਕਾਰ ਆਪਣੇ ਫੈਸਲੇ ’ਤੇ ਕਾਇਮ ਨਜ਼ਰ ਆ ਰਹੀ ਹੈ। ਅੱਜ ਰਾਜਪੁਰਾ ਦੀ ਮੰਡੀ ਵਿੱਚ ਆਪਣੀ ਫਸਲ ਲੈ ਕੇ ਪਹੁੰਚੇ ਗੁਰਪ੍ਰੀਤ ਸਿੰਘ ਨੂੰ ਉਸਦੀ ਫਸਲ ਦੀ ਅਦਾਇਗੀ ਤੁਰੰਤ ਕਰ ਦਿੱਤੀ ਗਈ। ਗੱਲਬਾਤ ਦੌਰਾਨ ਗੁਰਪ੍ਰੀਤ ਸਿੰਘ ਦੇ ਪਿਤਾ ਤਰਲੋਚਨ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਫਸਲ ਲੈ ਕੇ ਆਇਆ ਸੀ ਅਤੇ ਤੁਰੰਤ ਉਸ ਨੂੰ 213000 ਰੁਪਏ ਅਦਾ ਕਰ ਦਿੱਤੇ ਗਏ ਹਨ। ਉਹ ਸਰਕਾਰ ਦਾ ਧੰਨਵਾਦ ਕਰ ਰਿਹਾ ਹੈ।
ਜਦੋਂ ਮੰਡੀ ਵਿੱਚ ਮੌਜੂਦ ਆੜਤੀ ਰਾਕੇਸ਼ ਕੁਕਰੇਜਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਤੁਰੰਤ ਕੀਤੀ ਜਾ ਰਹੀ ਹੈ ਅਤੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਮੰਡੀ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਪਿਛਲੇ 6 ਮਹੀਨਿਆਂ ਵਿੱਚ ਮਾਨ ਸਰਕਾਰ ਨੇ ਕਿਸਾਨਾਂ ਲਈ ਕਈ ਇਤਿਹਾਸਕ ਫੈਸਲੇ ਲਏ ਹਨ ਤਾਂ ਜੋ ਕਿਸਾਨਾਂ ਨੂੰ ਖੁਸ਼ ਕੀਤਾ ਜਾ ਸਕੇ। ਅੱਜ ਤੋਂ ਪਹਿਲਾਂ ਕਿਸਾਨਾਂ ਦੀ ਫ਼ਸਲ ਕਈ-ਕਈ ਦਿਨ ਮੰਡੀਆਂ ਵਿੱਚ ਪਈ ਰਹਿੰਦੀ ਸੀ ਅਤੇ ਕਈ ਵਾਰ ਅਦਾਇਗੀ ਲਈ ਵੀ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਸਨ, ਪਰ ਸਰਕਾਰ ਨੇ ਤੁਰੰਤ ਅਦਾਇਗੀ ਕਰਨ ਦਾ ਫ਼ੈਸਲਾ ਲੈ ਕੇ ਇਸ ਨੂੰ ਪੂਰਾ ਕਰ ਦਿੱਤਾ।