ਮੋਰਿੰਡਾ ‘ਚ 24 ਅਪ੍ਰੈਲ ਦਿਨ ਸੋਮਵਾਰ ਨੂੰ ਗੁਰੂਦੁਆਰਾ ਸਾਹਿਬ ‘ਚ ਦੋ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਹੋਣ ਤੋਂ ਬਾਅਦ ਇਲਾਕੇ ‘ਚ ਤਣਾਅਪੂਰਨ ਸਥਿਤੀ ਬਣੀ ਹੋਈ ਹੈ।ਮੁਲਜ਼ਮ ਦੇ ਘਰ ਦੀ ਵੀ ਭੰਨਤੋੜ ਕੀਤੀ ਹੋਈ ਹੈ ਤੇ ਉਸ ਦਾ ਪਰਿਵਾਰ ਵੀ ਫਰਾਰ ਹੈ। ਪੰਜਾਬ ਪੁਲਿਸ ਵੱਲੋ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ | ਇਸ ਮਾਮਲੇ ‘ਚ ਰੂਪਨਗਰ ਦੇ ਮੋਰਿੰਡਾ ਸ਼ਹਿਰ ‘ਚ ਕਈ ਜਗ੍ਹਾ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੁਲਿਸ ਨੇ ਦੋਸ਼ੀ ਜਸਵੀਰ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਸੀਐਮ ਭਗਵੰਤ ਮਾਨ ਸਣੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਹੈ। ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਇਸ ਘਟਨਾ ਲਈ ਬਖਸ਼ਿਆ ਨਹੀਂ ਜਾਵੇਗਾ,ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ | ਉਨ੍ਹਾਂ ਨੇ ਪੁਲਿਸ ਦੇ ਡੀਜੀਪੀ ਨੂੰ ਆਖਿਆ ਹੈ ਕਿ ਇਸ ਘਟਨਾ ਦੀ ਜਾਂਚ ਜਲਦੀ ਤੋਂ ਜਲਦੀ ਕੀਤੀ ਜਾਵੇ ਅਤੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਵਿਰੁੱਧ ਭਾਰਤੀ ਆਈਪੀਸੀ ਦੀ ਧਾਰਾ 295ਏ ਅਤੇ 307 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।