Nation Post

ਮੰਤਰੀ ਕੁਲਦੀਪ ਧਾਲੀਵਾਲ ਨੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਪਿੰਡਾਂ ਵਿੱਚ 19.44 ਲੱਖ ਬੂਟੇ ਲਗਾਏ

Kuldeep Singh Dhaliwal

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਹਰਿਆ ਭਰਿਆ ਅਤੇ ਸਿਹਤਮੰਦ ਮਾਹੌਲ ਸਿਰਜਣ ਲਈ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿੱਚ 19 ਲੱਖ 44 ਹਜ਼ਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਨਰੇਗਾ ਸਕੀਮ ਤਹਿਤ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਫਲਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ ਹਨ, ਉੱਥੇ 1 ਲੱਖ 2 ਹਜ਼ਾਰ ਮੋਰਿੰਗਾ ਔਸ਼ਧੀ ਵਾਲੇ ਪੌਦੇ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੌਦਿਆਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਮਨਰੇਗਾ ਸਕੀਮ ਤਹਿਤ ਕੁੱਲ 170 ਨਰਸਰੀਆਂ ਤਿਆਰ ਕੀਤੀਆਂ ਗਈਆਂ ਹਨ। ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਮਿਆਵਾਕੀ ਤਕਨੀਕ ‘ਤੇ ਆਧਾਰਿਤ ਮਿੰਨੀ ਜੰਗਲਾਂ ਦੀ ਉਸਾਰੀ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਉਪਰਾਲੇ ਤਹਿਤ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਇਹ ਪ੍ਰੋਜੈਕਟ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਵੀ ਸਹਾਈ ਸਿੱਧ ਹੋਵੇਗਾ। ਧਾਲੀਵਾਲ ਨੇ ਅੱਗੇ ਕਿਹਾ ਕਿ ਮਨਰੇਗਾ ਸਕੀਮ ਪੰਜਾਬ ਦੇ ਦਿਹਾਤੀ ਮਜ਼ਦੂਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਸਾਲ ਦੌਰਾਨ ਇਸ ਸਕੀਮ ਤਹਿਤ ਕੁੱਲ 1065 ਕਰੋੜ ਰੁਪਏ ਖਰਚ ਕੀਤੇ ਗਏ ਹਨ।

 

Exit mobile version