ਚੰਡੀਗੜ੍ਹ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਖਿਲਾਫ਼ ਮੁਹਾਲੀ ਅਦਾਲਤ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਡੀਐਸਪੀ ਬਿਕਰਮ ਬਰਾੜ ਨੇ ਉਸ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਦੱਸ ਦੇਈਏ ਕਿ ਸਿੰਗਲਾ ਨੂੰ ਮਈ ਮਹੀਨੇ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ‘ਤੇ ਕਾਰਵਾਈ ਕਰਦਿਆਂ ‘ਆਪ’ ਸਰਕਾਰ ਨੇ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ। ਸਿੰਗਲਾ ਨੂੰ ਵੀ ਕੇਸ ਦਰਜ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸਿੰਗਲਾ ਸਮੇਤ ਓਐਸਡੀ ਪ੍ਰਦੀਪ ਖਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮੁਹਾਲੀ ਅਦਾਲਤ ਵਿੱਚ ਸਿੰਗਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
ਹਾਈਕੋਰਟ ਤੋਂ ਮਿਲੀ ਜ਼ਮਾਨਤ
ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ 8 ਜੁਲਾਈ ਨੂੰ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਹਾਲਾਂਕਿ ਮੋਹਾਲੀ ਦੀ ਅਦਾਲਤ ਨੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ਦਾ ਰੁਖ ਕੀਤਾ। ਇਸ ‘ਤੇ ਹਾਈਕੋਰਟ ਨੇ ਉਨ੍ਹਾਂ ਨੂੰ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ।
ਇੱਕ ਫੀਸਦੀ ਕਮਿਸ਼ਨ ਲੈਣ ਦਾ ਦੋਸ਼
ਦੱਸ ਦੇਈਏ ਕਿ ਪੰਜਾਬ ਸਰਕਾਰ ‘ਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ ‘ਤੇ ਕਰੋੜਾਂ ਦੇ ਟੈਂਡਰਾਂ ‘ਚ ਇਕ ਫੀਸਦੀ ਕਮਿਸ਼ਨ ਲੈਣ ਦਾ ਦੋਸ਼ ਹੈ। 24 ਮਈ ਨੂੰ ਉਸ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।