ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ CM ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤੀ ਹੈ। ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ‘ਚ ਬਦਲਣ ਦੀ ਮੰਗ ਵਾਲੇ ਕੇਸ ‘ਤੇ ਅੱਜ ਯਾਨੀ ਬੁੱਧਵਾਰ ਨੂੰ ਸੁਣਵਾਈ ਹੋਈ ਹੈ। ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਪ੍ਰਾਪਤ ਹੋਈ। ਰਹਿਮ ਦੀ ਅਪੀਲ ਖਾਰਜ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ‘ਤੇ ਛੇਤੀ ਤੋਂ ਛੇਤੀ ਫੈਸਲਾ ਲੈਣ ਲਈ ਕਹਿ ਦਿੱਤਾ ਹੈ।
1995 ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਆਪਣੇ ਸਾਥੀਆਂ ਨਾਲ ਰਲ ਕੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰ ਦਿੱਤਾ ਸੀ। ਜੁਲਾਈ 2007 ਵਿੱਚ ਹੇਠਲੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 2010 ਵਿੱਚ ਉਸਦੀ ਸਜ਼ਾ ਨੂੰ ਚਲਦੇ ਰੱਖਿਆ ਸੀ, ਰਾਜੋਆਣਾ 27 ਸਾਲਾਂ ਤੋਂ ਜੇਲ੍ਹ ‘ਚ ਹੈ। ਹੁਣ ਉਨ੍ਹਾਂ ਦੀ ਉਮਰ 56 ਸਾਲ ਦੇ ਕਰੀਬ ਹੈ।
ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਵੱਲੋਂ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਜੋ ਕੇਂਦਰ ਸਰਕਾਰ ਕੋਲ ਵਿਚਾਰ ਅਧੀਨ ਹੈ। ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਗ੍ਰਹਿ ਮੰਤਰਾਲੇ ਵੱਲੋਂ ਕੋਈ ਫੈਸਲਾ ਨਹੀਂ ਕੀਤਾ ਗਿਆ।