ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਪੰਜਾਬ ਦੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ । ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾ ਹੀ ਜਲ੍ਹਿਆਂਵਾਲਾ ਬਾਗ ਦੇ ਪਵਿੱਤਰ ਸਥਾਨ ਦਾ ਦੌਰਾ ਕਰਨ ਅਤੇ ਸੂਰਬੀਰਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਸੀ ।
ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਭਾਰਤ ਦੇ ਲੋਕ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਹਮੇਸ਼ਾ ਧੰਨਵਾਦੀ ਰਹਿਣ ਵਾਲੇ ਹਨ, ਜਿਨ੍ਹਾਂ ਨੇ ਆਪਣਾ ਸਭ ਕੁਝ ਦੇਸ਼ ਲਈ ਕੁਰਬਾਨ ਕਰ ਦਿੱਤਾ ਸੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਹੀਦਾਂ ਨੂੰ ਯਾਦ ਕੀਤਾ ਹੈ।CM ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਜਲ੍ਹਿਆਂਵਾਲਾ ਬਾਗ ਦਾ ਸ਼ਹੀਦੀ ਅਸਥਾਨ ਹਮੇਸ਼ਾ ਲੋਕਾਂ ਨੂੰ ਇੱਕ-ਦੂਜੇ ਦਾ ਸਾਥ ਦੇਣ ਅਤੇ ਅੱਤਿਆਚਾਰਾਂ ਦੇ ਖਿਲਾਫ ਆਪਣੀ ਆਵਾਜ਼ ਚੁੱਕਣ ਲਈ ਪ੍ਰੇਰਿਤ ਕਰਦਾ ਹੈ।
ਜਲ੍ਹਿਆਂਵਾਲਾ ਬਾਗ ਕਾਂਡ ਨੂੰ ਯਾਦ ਕਰਦਿਆਂ ਮਾਨ ਸਰਕਾਰ ਦੇ ਹੋਰ ਮੰਤਰੀਆਂ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸ਼ਹੀਦਾਂ ਨੂੰ ਯਾਦ ਕਰਦਿਆਂ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਜਲਿਆਂਵਾਲਾ ਬਾਗ ਵਿਖੇ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਤੀ ਭਗਤੀ ਨਾਲ ਆਪਣੇ ਆਪ ਨੂੰ ਨਿਛਾਵਰ ਕਰਨ ਵਾਲੇ ਨਿਡਰ ਯੋਧੇ ਹਮੇਸ਼ਾ ਸਾਡੇ ਦਿਲਾਂ ਵਿੱਚ ਅਮਰ ਰਹਿਣ ਵਾਲੇ ਹਨ।