ਅੱਜ ਯਾਨੀ ਸੋਮਵਾਰ ਪੰਜਾਬ ਦੀਆਂ ਤਹਿਸੀਲਾਂ ਵਿੱਚ ਸਮੂਹ ਮਾਲ ਅਧਿਕਾਰੀਆਂ ਵੱਲੋ ਸਮੂਹਿਕ ਛੁੱਟੀ ਲੈ ਕੇ ਹੜਤਾਲ ਦਾ ਐਲਾਨ ਕੀਤਾ ਗਿਆ ਅਤੇ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਮਾਲ ਅਫ਼ਸਰ ਐਸੋਸੀਏਸ਼ਨ ਦੇ ਜ਼ਿਲ੍ਹਾ ਬਠਿੰਡਾ ‘ਚ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਇਹ ਫੈਸਲਾ ਕੀਤਾ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਮਾਲ ਅਫ਼ਸਰ ਐਸੋਸੀਏਸ਼ਨ ਨੇ ਕਿਹਾ ਹੈ ਕਿ ਅੱਜ ਫਿਰ ਤੋਂ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਜਾ ਰਹੀ ਹੈ। ਸਰਕਾਰ ਵੱਲੋ ਜੇਕਰ ਉਨ੍ਹਾਂ ਦੀ ਮੰਗ ਨਾ ਮੰਨੀ ਗਈ ‘ਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਵਾਪਸ ਨਾ ਹੋਈ ਤਾਂ ਉਨ੍ਹਾਂ ਨੂੰ ਆਪਣੀ ਹੜਤਾਲ ਜਾਰੀ ਕਰਨ ਵਾਸਤੇ ਮਜ਼ਬੂਰ ਹੋਣਾ ਪਵੇਗਾ ਅਤੇ ਪ੍ਰਦਰਸ਼ਨ ਲਈ ਸੜਕਾਂ ‘ਤੇ ਵੀ ਆਉਣਾ ਪਵੇਗਾ।
ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੀ ਮੌੜ ਮੰਡੀ ਤਹਿਸੀਲ ‘ਚ ਤਾਇਨਾਤ ਨਾਇਬ ਤਹਿਸੀਲਦਾਰ ਕੋਲ ਇੱਕ ਵਿਅਕਤੀ ਰਜਿਸਟਰੀ ਕਰਵਾਉਣ ਵਾਸਤੇ ਪਹੁੰਚਿਆ ਸੀ ਪਰ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਦਸਤਾਵੇਜ਼ ਨਾ ਹੋਣ ਦੀ ਵਜ੍ਹਾ ਕਰਕੇ ਰਜਿਸਟਰੀ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ। ਇਸ ਮਗਰੋਂ ਵਿਅਕਤੀ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਸਟਰਖਾਨਾ ਨੂੰ ਸ਼ਿਕਾਇਤ ਕਰਨ ਚਲਾ ਗਿਆ ।
ਵਿਧਾਇਕ ਸੁਖਬੀਰ ਮਾਸਟਰਖਾਨਾ ਨੇ ਇਸ ‘ਤੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਰਜਿਸਟਰੀ ਕਰਨ ਲਈ ਆਖਿਆ,ਪਰ ਨਾਇਬ ਤਹਿਸੀਲਦਾਰ ਨੇ ਕੋਈ ਵੀ ਗਲਤ ਕੰਮ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਮਗਰੋਂ ਵਿਧਾਇਕ ਦੇ ਆਖਣ ’ਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।