ਨਵੀਂ ਦਿੱਲੀ (ਸਾਹਿਬ) – ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ‘ਚ ਨਵਾਂ ਮੋੜ ਆਇਆ ਹੈ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਰਿਮਾਂਡ ‘ਤੇ ਭੇਜਣ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ ਪਰ ਅਦਾਲਤ ਨੇ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ। ਅਦਾਲਤ ਨੇ ਈਡੀ ਨੂੰ 2 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
- ਦੱਸ ਦੇਈਏ ਕਿ ਕੇਜਰੀਵਾਲ ਦੀ ਈਡੀ ਦੀ ਹਿਰਾਸਤ 28 ਮਾਰਚ ਨੂੰ ਖਤਮ ਹੋ ਰਹੀ ਹੈ। ਅਜਿਹੇ ‘ਚ ਈਡੀ ਵੀਰਵਾਰ ਨੂੰ ਕੇਜਰੀਵਾਲ ਨੂੰ ਰਾਉਸ ਐਵੇਨਿਊ ਕੋਰਟ ‘ਚ ਪੇਸ਼ ਕਰੇਗੀ। ਇਸ ਦੇ ਨਾਲ ਹੀ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ‘ਤੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਵੇਗੀ।
- ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ‘ਚ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਦੇ ਏਐੱਸਜੀ ਐੱਸਵੀ ਰਾਜੂ ਨੇ ਕਰੀਬ ਡੇਢ ਘੰਟੇ ਤੱਕ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਏਐਸਜੀ ਰਾਜੂ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਜਵਾਬ ਦਾਇਰ ਕਰਨਾ ਚਾਹੁੰਦੇ ਹਾਂ। ਸਾਨੂੰ ਮੁੱਖ ਕੇਸ ਵਿੱਚ 3 ਹਫ਼ਤਿਆਂ ਦਾ ਸਮਾਂ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਵੀ ਸਾਨੂੰ ਆਪਣਾ ਜਵਾਬ ਦਾਇਰ ਕਰਨ ਲਈ ਲੋੜੀਂਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਬੁੱਧਵਾਰ ਦੇਰ ਸ਼ਾਮ ਆਪਣਾ ਫੈਸਲਾ ਸੁਣਾਇਆ।