ਚੰਡੀਗੜ੍ਹ (ਸਾਹਿਬ) – ਚੋਣ ਕਮਿਸ਼ਨ ਦੀ ਇਕ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ ਦੌਰਾਨ ਸੂਬੇ ‘ਚ ਨਸ਼ਿਆਂ, ਸ਼ਰਾਬ ਅਤੇ ਨਕਦੀ ਦੀ ਤਸਕਰੀ ਨੂੰ ਰੋਕਣ ਲਈ ਆਪਣੀ ਕਾਰਵਾਈ ਨੂੰ ਹੋਰ ਵਿਸ਼ਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।
- ਡਿਪਟੀ ਚੋਣ ਕਮਿਸ਼ਨਰ ਹਰਦੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੀ ਟੀਮ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਵੀ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਵੋਟਿੰਗ ਨੂੰ ਆਸਾਨ ਬਣਾਇਆ ਜਾ ਸਕੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਕਮਿਸ਼ਨ ਦੀ ਟੀਮ ਨੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਸੁਰੱਖਿਆ ਡਿਊਟੀ ‘ਤੇ ਤਾਇਨਾਤ ਕੇਂਦਰੀ ਬਲਾਂ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਵੀ ਕਿਹਾ।
- ਇਕ ਅਧਿਕਾਰਤ ਬਿਆਨ ਅਨੁਸਾਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਤੋਂ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ। ਚੋਣ ਕਮਿਸ਼ਨ ਦੀ ਟੀਮ ਨੇ ਸਮੂਹ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਨਾਲ ਸਬੰਧਤ ਸੁਝਾਅ ਅਤੇ ਜਾਣਕਾਰੀ ਵੀ ਸਾਂਝੀ ਕੀਤੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ।
- ਉਨ੍ਹਾਂ ਟੀਮ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸਾਰੇ ਅਧਿਕਾਰੀਆਂ ਨੂੰ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਕਿਹਾ ਕਿ ਨਸ਼ਿਆਂ ਅਤੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਵੱਖ-ਵੱਖ ਕਦਮ ਚੁੱਕੇ ਗਏ ਹਨ।