ਚੰਡੀਗੜ੍ਹ (ਸਾਹਿਬ): ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਆਖਦਿਆਂ ਕਾਂਗਰਸ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਉਨ੍ਹਾਂ ਮੰਗਲਵਾਰ ਨੂੰ ਆਪਣੇ ਸਮਰਥਕਾਂ ਨਾਲ ਦਿੱਲੀ ’ਚ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਦਸ ਸਾਲ ਬਾਅਦ ਪਾਰਟੀ ’ਚ ਵਾਪਸੀ ਕੀਤੀ। ਚੌਧਰੀ ਬੀਰੇਂਦਰ ਸਿੰਘ ਦਾ ਪੁੱਤਰ ਬ੍ਰਿਜੇਂਦਰ ਸਿੰਘ, ਜੋ ਹਿਸਾਰ ਤੋਂ ਮੌਜੂਦਾ ਸੰਸਦ ਮੈਂਬਰ ਹੈ, ਨੇ ਵੀ ਲੋਕ ਸਭਾ ਤੇ ਭਾਜਪਾ ਤੋਂ ਅਸਤੀਫਾ ਦੇਣ ਮਗਰੋਂ ਪਿਛਲੇ ਮਹੀਨੇ ਕਾਂਗਰਸ ਦਾ ਪੱਲਾ ਫੜ ਲਿਆ ਸੀ।
- ਚੌਧਰੀ ਬੀਰੇਂਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਭੇਜ ਦਿੱਤਾ ਹੈ। ਚੌਧਰੀ ਦੇ ਨਾਲ ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਪ੍ਰੇਮ ਲਤਾ ਨੇ ਵੀ ਭਾਜਪਾ ਨੂੰ ਅਲਵਿਦਾ ਕਹਿ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਕਹਿਣ ਤੋਂ ਬਾਅਦ ਦਿੱਲੀ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨਾਲ ਵੀ ਮੁਲਾਕਾਤ ਕੀਤੀ। ਗੌਰਤਲਬ ਹੈ ਕਿ ਚੌਧਰੀ ਬੀਰੇਂਦਰ ਸਿੰਘ ਸਾਲ 2014 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਸ ਸਮੇਂ ਕਾਂਗਰਸ ਛੱਡਣ ਦਾ ਕਾਰਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਮਤਭੇਦ ਸੀ, ਪਰ ਹੁਣ ਮੁੜ ਤੋਂ ਭੁਪਿੰਦਰ ਸਿੰਘ ਹੁੱਡਾ ਤੇ ਚੌਧਰੀ ਬੀਰੇਂਦਰ ਸਿੰਘ ਇਕੱਠੇ ਹੋਣ ਜਾ ਰਹੇ ਹਨ।
- ਦੱਸ ਦੇਈਏ ਕਿ ਚੌਧਰੀ ਬੀਰੇਂਦਰ ਸਿੰਘ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਉਚਾਣਾ ਵਿਧਾਨ ਸਭਾ ਹਲਕੇ ਤੋਂ 5 ਵਾਰ ਵਿਧਾਇਕ ਚੁਣੇ ਗਏ ਸਨ। ਇਸ ਤੋਂ ਇਲਾਵਾ ਦੋ ਵਾਰ ਰਾਜ ਸਭਾ ਮੈਂਬਰ ਅਤੇ ਇਕ ਵਾਰ ਲੋਕ ਸਭਾ ਮੈਂਬਰ ਚੁਣੇ ਗਏ ਸਨ। ਮੋਦੀ ਸਰਕਾਰ ਦੇ ਪਹਿਲੇ ਕਾਰਜਕਾਲ ਦੌਰਾਨ ਚੌਧਰੀ ਬੀਰੇਂਦਰ ਸਿੰਘ ਕੇਂਦਰੀ ਮੰਤਰੀ ਦੇ ਅਹੁਦੇ ’ਤੇ ਵੀ ਸੇਵਾ ਨਿਭਾ ਚੁੱਕੇ ਹਨ।