ਪਟਿਆਲਾ (ਹਰਮੀਤ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੌਰੇ ‘ਤੇ ਹਨ। ਉਹ ਭਲਕੇ 23 ਮਈ ਨੂੰ ਪਟਿਆਲਾ ਵਿੱਚ ਚੋਣ ਰੈਲੀ ਕਰਨਗੇ। ਪਟਿਆਲਾ ‘ਚ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਜ਼ਿੰਮੇਵਾਰੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਵੰਤ ਸਿੰਘ ਪੰਨੂ ਨੇ ਲਈ ਹੈ।
ਜਾਣਕਾਰੀ ਮੁਤਾਬਕ ਵਿਦੇਸ਼ੀ ਅੱਤਵਾਦੀ ਗੁਰਪਤਵੰਤ ਪੰਨੂ ਨੇ ਪਟਿਆਲਾ ‘ਚ ਲੱਗੇ ਖਾਲਿਸਤਾਨੀ ਨਾਅਰਿਆਂ ਸਬੰਧੀ ਵੀਡੀਓ ਵੀ ਸ਼ੇਅਰ ਕੀਤੀ ਹੈ। ਵੀਡੀਓ ਸੰਦੇਸ਼ ‘ਚ ‘ਸਿੱਖ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਪੰਨੂ ਨੇ ਕਿਹਾ ਹੈ ਕਿ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਖਾਲਿਸਤਾਨ ਰੈਫਰੈਂਡਮ ਦੇ ਕਾਰਕੁਨਾਂ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਮਿੰਨੀ ਸਕੱਤਰੇਤ ਪਟਿਆਲਾ ਨੇੜੇ ਪੰਜਾਬ ਕਿਰਤ ਵਿਭਾਗ ਦੇ ਦਫਤਰ ‘ਤੇ ਖਾਲਿਸਤਾਨ ਦਾ ਝੰਡਾ ਲਹਿਰਾਇਆ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਪੀਐਮ ਮੋਦੀ 23 ਮਈ ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਰੈਲੀ ਕਰਨਗੇ। ਅਗਲੇ ਦਿਨ ਪ੍ਰਧਾਨ ਮੰਤਰੀ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।