ਚੰਡੀਗ੍ਹੜ (ਰਾਘਵ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।
ਦੱਸ ਦੇਈਏ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ 3,05,616 ਵੋਟਾਂ ਹਾਸਲ ਕਰ ਕੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਹਰਾਇਆ ਹੈ। ਬਲਬੀਰ ਸਿੰਘ ਨੂੰ 2,90,785 ਵੋਟਾਂ ਪਈਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ 2,88,998 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ ਹਨ।
ਜ਼ਿਕਰਯੋਗ ਹੈ ਕਿ ਲੋਕ ਸਭਾ ਹਲਕਾ ਪਟਿਆਲਾ ਵਿੱਚ ਇਸ ਵਾਰ 63.63 ਫ਼ੀਸਦ ਵੋਟਿੰਗ ਹੋਈ, ਜੋ ਕਿ ਸਾਲ 2019 ਦੇ ਮੁਕਾਬਲੇ 4.15 ਫ਼ੀਸਦ ਘੱਟ ਹੈ। ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਨੀਤ ਕੌਰ ਨੂੰ ਹਰਾ ਕੇ ਡਾ. ਗਾਂਧੀ ‘AAP’ ਵੱਲੋਂ ਸੰਸਦ ਮੈਂਬਰ ਬਣੇੇ ਸਨ।