ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ ਵੀ ਕਾਂਗਰਸ ਦੀ ਝੋਲੀ ਪਈ ਹੈ। ਇੱਥੋਂ ਕਾਂਗਰਸ ਦੇ ਸੀਨੀਅਰ ਆਗੁ ਸੁਖਜਿੰਦਰ ਰੰਧਾਵਾ ਨੇ 3,64,043 ਵੋਟਾਂ ਹਾਸਲ ਕੀਤੀਆਂ ਹਨ। ਉਨ੍ਹਾਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ 82,861 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਬੱਬੂ ਨੂੰ 2,81,182 ਵੋਟਾਂ ਪਈਆਂ ਹਨ। ‘AAP’ ਉਮੀਦਵਾਰ ਅਮਨਸ਼ੇਰ ਸਿੰਘ (ਸ਼ੈਰੀ ਕਲਸੀ) 2,77,252 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ 85,500 ਵੋਟਾਂ ਨਾਲ ਚੌਥੇ ਨੰਬਰ ’ਤੇ ਰਹੇ ਹਨ।