ਬੀਜਿੰਗ (ਰਾਘਵ): ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦਾ 24ਵਾਂ ਸਿਖਰ ਸੰਮੇਲਨ ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ‘ਚ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਚੀਨ ਦੇ ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਦੱਸਿਆ ਕਿ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਸੰਮੇਲਨ ‘ਚ ਹਿੱਸਾ ਲੈਣਗੇ। ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਭਾਰਤ ਦੀ ਨੁਮਾਇੰਦਗੀ ਕਰਨਗੇ।
ਚੀਨੀ ਮੰਤਰਾਲੇ ਨੇ ਕਿਹਾ ਕਿ 2 ਤੋਂ 6 ਜੁਲਾਈ ਤੱਕ ਰਾਸ਼ਟਰਪਤੀ ਸ਼ੀ ਜਿਨਪਿੰਗ ਅਸਤਾਨਾ ਵਿੱਚ ਐਸਸੀਓ ਦੇ ਰਾਜ ਮੁਖੀਆਂ ਦੀ ਕੌਂਸਲ ਦੀ 24ਵੀਂ ਮੀਟਿੰਗ ਵਿੱਚ ਸ਼ਾਮਲ ਹੋਣਗੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਖਰ ਸੰਮੇਲਨ ਵਿੱਚ ਅਫਗਾਨਿਸਤਾਨ ਦੀ ਸਥਿਤੀ, ਰੂਸ-ਯੂਕਰੇਨ ਯੁੱਧ ਅਤੇ ਐਸਸੀਓ ਦੇ ਮੈਂਬਰ ਦੇਸ਼ਾਂ ਵਿੱਚ ਸਮੁੱਚੇ ਸੁਰੱਖਿਆ ਸਹਿਯੋਗ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਹੋਣ ਦੀ ਉਮੀਦ ਹੈ। SCO ਵਿੱਚ ਭਾਰਤ, ਚੀਨ, ਰੂਸ, ਪਾਕਿਸਤਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ ਅਤੇ ਉਜ਼ਬੇਕਿਸਤਾਨ ਸ਼ਾਮਲ ਹਨ। ਇਸ ਤੋਂ ਪਹਿਲਾਂ, ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੇਸ਼ ਦੀ ਪ੍ਰਤੀਨਿਧਤਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕਰਨਗੇ।