ਜਲੰਧਰ (ਰਾਘਵ): ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਉਮੀਦਵਾਰ ਮੋਹਿੰਦਰ ਭਗਤ ਦੀ ਵੱਡੀ ਜਿੱਤ ਹੋਈ ਹੈ। ‘ਆਪ’ ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮੋਹਿੰਦਰ ਭਗਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ । ਭਾਜਪਾ ਨੇ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਸੀ, ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਹ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਤੀ ਸਮੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਸ ਵਿਧਾਨ ਸਭਾ ਸੀਟ ‘ਤੇ ਉਤਾਰਿਆ ਸੀ ਤੇ ਉਹਨਾਂ ਦੀ ਵੱਡੀ ਜਿੱਤ ਹੋਈ ਹੈ।
ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। ‘ਆਪ’ ਉਮੀਦਵਾਰ ਮੋਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਲੋਕ ਸਭਾ ਚੋਣਾਂ 2024 ‘ਚ ਇਸ ਸੀਟ ‘ਤੇ ਕਾਂਗਰਸ ਪਾਰਟੀ ਪਹਿਲੇ ਸਥਾਨ ‘ਤੇ ਰਹੀ ਸੀ। ਭਾਜਪਾ ਦੂਜੇ ਸਥਾਨ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿਚ ਆਮ ਆਦਮੀ ਪਾਰਟੀ ਪਹਿਲੇ ਸਥਾਨ ‘ਤੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਨੰਬਰ ‘ਤੇ ਹੈ। 10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।