ਚੰਡੀਗੜ੍ਹ: ਪੰਜਾਬ ਸਰਕਾਰ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕੀਤੀ ਹੈ। ਦਰਅਸਲ, ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਅਤੇ ਉਤਰਾਖੰਡ ਐਸਟੀਐਫ ਨੇ ਸਾਂਝੀ ਕਾਰਵਾਈ ਦੇ ਤਹਿਤ ਦੇਰ ਰਾਤ ਇਹ ਕਾਰਵਾਈ ਕੀਤੀ। ਸ਼ੂਟਰ ਦਾ ਨਾਂ ਹਰਵੀਰ ਹੈ, ਜੋ ਕਈ ਮਾਮਲਿਆਂ ਨਾਲ ਜੁੜਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗੈਂਗਸਟਰ ਨੂੰ ਪਨਾਹ ਦੇਣ ਵਾਲਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਸਖਤੀ ਨਾਲ ਅੱਗੇ ਦੀ ਕਾਰਵਾਈ ਵਿੱਚ ਜੁੱਟ ਚੁੱਕੀ ਹੈ।
CM ਮਾਨ ਨੇ ਦਿੱਤੇ ਸੀ ਨਿਰਦੇਸ਼
ਦੱਸ ਦੇਈਏ ਕਿ ਸੀਐਮ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਗਠਨ ਦੇ ਆਦੇਸ਼ ਦਿੱਤੇ ਸਨ। ਉਨ੍ਹਾਂ ਨੇ ਟਵੀਟ ਕੀਤਾ ਸੀ ਕਿ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਵੱਡੇ ਪੱਧਰ ‘ਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਅਗਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਸੀ ਕਿ ਸਾਡੀ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਹੁਤ ਗੰਭੀਰ ਹੈ।