ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਲਾਪਰਵਾਹੀ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਵਿੱਚ ਚੀਫ ਜਸਟਿਸ ਐਨਵੀ ਰਮਨਾ, ਜਸਟਿਸ ਸੂਰਜਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਇਹ ਸੁਣਵਾਈ ਕਰੇਗੀ। ਇਸ ਮਾਮਲੇ ਵਿਚ ਦਾਇਰ ਪਟੀਸ਼ਨ ਵਿੱਚ ਪੀ. ਐੱਮ. ਦੀ ਸੁਰੱਖਿਆ ਵਿੱਚ ਵਰਤੀ ਗਈ ਲਾਪ੍ਰਵਾਹੀ ਦਾ ਨੋਟਿਸ ਲੈਂਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਰੀਏ ਸਾਰੇ ਸਬੂਤ ਇਕੱਠਾ ਕਰਵਾ ਕੇ ਇਸ ਦੀ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਟੀਮਾਂ ਵੀ ਇਸ ਮਾਮਲੇ ਦੀ ਜਾਂਚ ‘ਚ ਜੁੱਟ ਗਈਆਂ ਹਨ।
PM ਮੋਦੀ ਦੀ ਸੁਰੱਖਿਆ ਵਿੱਚ ਕੁਤਾਹਲੀ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਜਾਂਚ ਕਮੇਟੀ ਬਣਾ ਦਿੱਤੀ ਹੈ ਜਿਸ ਵਿੱਚ ਇੰਟੈਲੀਜੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ, ਸਕਿਓਰਿਟੀ ਸਕੱਤਰ ਸੁਧੀਰ ਕੁਮਾਰ ਸਕਸੈਨਾ ਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਆਈ. ਜੀ. ਐੱਸ. ਸੁਰੇਸ਼ ਸ਼ਾਮਿਲ ਹੋਣਗੇ।
ਇਸੇ ਮਾਮਲੇ ‘ਚ ਪੰਜਾਬ ਸਰਕਾਰ ਨੇ ਵੀ ਕਮੇਟੀ ਬਣਾਈ ਹੈ। ਇਸ ਜਾਂਚ ਕਮੇਟੀ ਵਿੱਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਤੇ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਸ਼ਾਮਲ ਹਨ। ਇਹ ਕਮੇਟੀ ਤਿਨ ਦਿਨ ਵਿੱਚ ਰਿਪੋਰਟ ਦੇਵੇਗੀ।