ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ| ਪੰਜਾਬ ਵਿੱਚ 8 ਤੋਂ 10 ਮਾਰਚ ਤੱਕ ਹੋਲੇ ਮੁਹੱਲੇ ਵਿੱਚ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੇ ਮੱਦੇਨਜ਼ਰ ਕੇਂਦਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਹੋਣਗੇ। ਇਸ ਤੋਂ ਬਾਅਦ ਹਾਲਾਤ ਦੇ ਅਨੁਸਾਰ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ ਕੀਤਾ ਜਾਵੇਗਾ।
ਸੂਚਨਾ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਦੀ ਸੁਰੱਖਿਆ ਸਥਿਤੀ ‘ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਧ ਦੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਹੋਰ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 23 ਫਰਵਰੀ ਨੂੰ ਅਜਨਾਲਾ ਥਾਣੇ ‘ਤੇ ਹੋਏ ਹਮਲੇ ਅਤੇ ਉਸ ਤੋਂ ਬਾਅਦ ਦੀ ਸਥਿਤੀ ਬਾਰੇ ਵੀ ਜਾਣਕਾਰੀ ਦਿੱਤੀ। ਮੀਟਿੰਗ ਤੋਂ ਬਾਅਦ ਸੀਐਮ ਨੇ ਟਵੀਟ ਕੀਤਾ, ‘ਕਾਨੂੰਨ ਵਿਵਸਥਾ ਦੇ ਮਾਮਲੇ ‘ਚ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕੰਮ ਕਰਨਗੇ।’
ਮੁੱਖ ਮੰਤਰੀ ਮਾਨ ਨੇ ਕੇਂਦਰ ਵੱਲੋਂ ਰੋਕੇ 3200 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਵੀ ਉਠਾਇਆ ਅਤੇ ਇਸ ਨੂੰ ਜਲਦੀ ਤੋਂ ਜਲਦੀ ਜਾਰੀ ਕਰਨ ਦੀ ਅਪੀਲ ਕੀਤੀ। 40 ਮਿੰਟ ਚੱਲੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ।
ਪੰਜਾਬ ਪੁਲਿਸ ਹੁਣ ਸੂਬੇ ਅੰਦਰ ਨਸ਼ਿਆਂ ਦੇ ਕਾਰੋਬਾਰ ‘ਤੇ ਅੰਦਰੋਂ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੁਲਿਸ ਸੂਬੇ ਭਰ ਵਿੱਚ ਗੁਪਤ ਮਿਸ਼ਨ ਚਲਾਏਗੀ। ਇਸ ਤਹਿਤ ਪਹਿਲੇ ਪੜਾਅ ‘ਚ 5 ਹਜ਼ਾਰ ਦੇ ਕਰੀਬ ਮੁਖਬਰਾਂ ਦਾ ਨੈੱਟਵਰਕ ਤਿਆਰ ਕੀਤਾ ਜਾਵੇਗਾ, ਜੋ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ‘ਚ ਨਸ਼ਿਆਂ ਸਬੰਧੀ ਸੂਚਨਾ ਦੇਣਗੇ।
ਸੂਤਰਾਂ ਅਨੁਸਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਸੀਐਮ ਮਾਨ ਵਿਚਕਾਰ ਹੋਈ ਮੀਟਿੰਗ ਵਿੱਚ ਨਸ਼ਿਆਂ ਦੇ ਨੈੱਟਵਰਕ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਹਮਲਾ ਕਰਨ ਲਈ ਅਜਿਹੇ ਨੈੱਟਵਰਕ ਦੀ ਲੋੜ ਦੱਸੀ ਗਈ ਹੈ। ਇਸ ਤੋਂ ਬਾਅਦ ਇਸ ਮੁਹਿੰਮ ਨੂੰ ਮਨਜ਼ੂਰੀ ਦਿੱਤੀ ਗਈ।