ਚੰਡੀਗੜ੍ਹ (ਸਾਹਿਬ) : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਪੰਜਾਬੀ ਫਿਲਮ ਅਦਾਕਾਰ ਕਰਮਜੀਤ ਸਿੰਘ ਅਨਮੋਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੁਭਾਸ਼ ਸ਼ਰਮਾ ਨੇ ਮੰਗਲਵਾਰ ਨੂੰ ਆਪੋ-ਆਪਣੇ ਲੋਕ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ।
- ਮੰਗਲਵਾਰ ਨੂੰ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ। ਲੋਕ ਸਭਾ ਚੋਣਾਂ ਦੇ ਆਖਰੀ ਅਤੇ 7ਵੇਂ ਪੜਾਅ ‘ਚ 1 ਜੂਨ ਨੂੰ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਵੋਟਿੰਗ ਹੋਵੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਕੁੱਲ 226 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
- ਦੱਸ ਦੇਈਏ ਕਿ ‘ਆਪ’ ਉਮੀਦਵਾਰ ਅਨਮੋਲ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਆਗੂਆਂ ਸਮੇਤ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਸਨ।
- ਉਨ੍ਹਾਂ ਕੋਟਕਪੂਰਾ ਤੋਂ ਫਰੀਦਕੋਟ ਤੱਕ ਰੋਡ ਸ਼ੋਅ ਵੀ ਕੱਢਿਆ। ਫਰੀਦਕੋਟ ਸੀਟ ‘ਤੇ ਅਨਮੋਲ ਦਾ ਮੁਕਾਬਲਾ ਭਾਜਪਾ ਉਮੀਦਵਾਰ ਹੰਸ ਰਾਜ ਹੰਸ, ਕਾਂਗਰਸ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜਵਿੰਦਰ ਸਿੰਘ ਨਾਲ ਹੈ।
- ਜਦਕਿ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਸੁਭਾਸ਼ ਸ਼ਰਮਾ ਨੇ ਰੂਪਨਗਰ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਪਾਰਟੀ ਆਗੂ ਕੇਵਲ ਸਿੰਘ ਢਿੱਲੋਂ ਅਤੇ ਸੰਜੀਵ ਵਸ਼ਿਸ਼ਟ ਮੌਜੂਦ ਸਨ। ਆਨੰਦਪੁਰ ਸਾਹਿਬ ਸੀਟ ‘ਤੇ ਸ਼ਰਮਾ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ, ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਹੈ।
- ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰ ਸਿੰਘ ਅਤੇ ਭਾਜਪਾ ਦੇ ਗੇਜਾ ਰਾਮ ਵਾਲਮੀਕੀ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਜਦਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਇਮਾਨ ਸਿੰਘ ਮਾਨ ਨੇ ਅੰਮ੍ਰਿਤਸਰ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੇ ਨਾਲ ਹੀ ਖਡੂਰ ਸਾਹਿਬ ਤੋਂ ਅਕਾਲੀ ਦਲ (ਅ) ਦੇ ਉਮੀਦਵਾਰ ਹਰਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।