ਕਟੜਾ (ਹਰਮੀਤ): ਹਰ ਸਾਲ ਲੱਖਾਂ ਸ਼ਰਧਾਲੂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜੰਮੂ ਆਉਂਦੇ ਹਨ। ਅਜਿਹੇ ‘ਚ ਪੂਰੇ ਰੂਟ ‘ਤੇ ਸ਼ਰਾਬ, ਮੀਟ ਅਤੇ ਤੰਬਾਕੂ ਉਤਪਾਦਾਂ ‘ਤੇ ਪਾਬੰਦੀ ਹੈ। ਇਸ ਦੇ ਬਾਵਜੂਦ ਲੋਕ ਸਿਗਰਟ ਅਤੇ ਤੰਬਾਕੂ ਦਾ ਸੇਵਨ ਕਰਦੇ ਹਨ। ਇਸ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਸਰਕਾਰ ਨੇ ਯਾਤਰਾ ਦੇ ਰੂਟ ‘ਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ।
ਜੇਕਰ ਤੁਸੀਂ ਗਰਮੀਆਂ ਦੀਆਂ ਛੁੱਟੀਆਂ ‘ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਜਾ ਰਹੇ ਹੋ ਤਾਂ ਇਹ ਖਬਰ ਜ਼ਰੂਰ ਪੜ੍ਹੋ। ਜੇਕਰ ਤੁਸੀਂ ਕਟੜਾ ਅਤੇ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਇਮਾਰਤ ਦੇ ਵਿਚਕਾਰ ਤੰਬਾਕੂ, ਸਿਗਰਟ ਜਾਂ ਨਸ਼ੀਲੇ ਪਦਾਰਥ ਦਾ ਸੇਵਨ ਕਰਦੇ ਹੋਏ ਪਾਏ ਜਾਂਦੇ ਹੋ, ਤਾਂ ਤੁਹਾਨੂੰ ਜੁਰਮਾਨਾ ਭਰਨਾ ਪੈ ਸਕਦਾ ਹੈ। ਕਟੜਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਮਹਾਜਨ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਆਸਥਾ ਦੇ ਮੱਦੇਨਜ਼ਰ ਕਟੜਾ ਵਿੱਚ ਵੀ ਸਿਗਰਟ ਅਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾ ਨਾਲ ਆਉਂਦੇ ਹਨ। ਕਟੜਾ ਸਮੇਤ ਇਸ ਇਲਾਕੇ ਦੇ ਸਮੁੱਚੇ ਰੂਟ ‘ਤੇ ਸ਼ਰਾਬ ਅਤੇ ਮੀਟ ‘ਤੇ ਪਾਬੰਦੀ ਲਗਾਈ ਹੋਈ ਹੈ, ਫਿਰ ਵੀ ਕਈ ਲੋਕ ਸਿਗਰਟ ਅਤੇ ਤੰਬਾਕੂ ਦਾ ਸੇਵਨ ਕਰਦੇ ਫੜੇ ਗਏ | ਉਨ੍ਹਾਂ ਕਿਹਾ ਕਿ ਹੁਣ ਨਸ਼ਾ ਖਰੀਦਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਪ੍ਰਸ਼ਾਸਨ ਨੇ ਕਟੜਾ ਤੋਂ ਮਾਤਾ ਵੈਸ਼ਨੋ ਦੇਵੀ ਭਵਨ ਤੱਕ ਨੋਮਈ, ਪੰਥਾਲ ਅਤੇ ਤਾਰਾਕੋਟ ਮਾਰਗ ਦੇ ਸ਼ੁਰੂਆਤੀ ਸਥਾਨ ਤੋਂ 13 ਕਿਲੋਮੀਟਰ ਦੇ ਦਾਇਰੇ ਵਿੱਚ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਦੀ ਵਿਕਰੀ, ਸਟੋਰੇਜ ਅਤੇ ਸੇਵਨ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।