ਮਾਨਸਾ: ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਪਿੰਡ ਮੂਸੇਵਾਲਾ ਪਹੁੰਚੀ ਹੈ। ਉਨ੍ਹਾਂ ਦੇ ਗ੍ਰਹਿ ਵਿਖੇ ਅੰਤਿਮ ਦਰਸ਼ਨ ਕੀਤੇ ਜਾਣਗੇ ਅਤੇ ਦੁਪਹਿਰ 12 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦੱਸ ਦੇਈਏ ਕਿ ਸੋਮਵਾਰ ਨੂੰ 5 ਡਾਕਟਰਾਂ ਦੇ ਪੈਨਲ ਨੇ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਸੀ ਪਰ ਅਜੇ ਤੱਕ ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਉਨ੍ਹਾਂ ਦੇ ਘਰ, ਸਿਵਲ ਹਸਪਤਾਲ ਅਤੇ ਹੋਰ ਥਾਵਾਂ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਲਗਾਤਾਰ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਹਨ। ਜਿਸਦੇ ਚੱਲਦੇ ਬੀਤੇ ਦਿਨ ਚੰਡੀਗੜ੍ਹ ਯੂਥ ਕਾਂਗਰਸ ਨੇ ਮੂਸੇਵਾਲਾ ਕਤਲੇਆਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਦਾ ਘਿਰਾਓ ਕੀਤਾ ਸੀ, ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਮੰਗ ਕੀਤੀ ਸੀ।
ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕੀਤੀ ਸੀ। ਜਿਸ ਦਾ ਜਵਾਬ ਦਿੰਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਹਾਈ ਕੋਰਟ ਦੇ ਮੌਜੂਦਾ ਜੱਜ ਮਾਮਲੇ ਦੀ ਜਾਂਚ ਕਰਨਗੇ। ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੱਲ੍ਹ ਦੇ ਬਿਆਨ ‘ਤੇ ਡੀਜੀਪੀ ਤੋਂ ਸਪੱਸ਼ਟੀਕਰਨ ਵੀ ਮੰਗਿਆ ਹੈ। ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਮੁੱਖ ਮੰਤਰੀ ਨੇ ਵੀ ਜਾਂਚ ਦੇ ਹੁਕਮ ਦਿੱਤੇ ਹਨ।