ਚੰਡੀਗੜ੍ਹ: ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੱਜ ਮੈਡੀਕਲ ਚੈੱਕਅਪ ਲਈ ਰਾਜਿੰਦਰ ਹਸਪਤਾਲ ਲਿਜਾਇਆ ਗਿਆ ਹੈ। ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਦੇ ਵਕੀਲ ਵੱਲੋਂ ਦਾਇਰ ਮੈਡੀਕਲ ਅਰਜ਼ੀ ਦੇ ਮੱਦੇਨਜ਼ਰ ਸੀਜੀਐਮ ਅਦਾਲਤ ਵੱਲੋਂ ਡਾਕਟਰਾਂ ਦਾ ਇੱਕ ਬੋਰਡ ਗਠਿਤ ਕੀਤਾ ਗਿਆ ਸੀ। ਜਿਸ ਤਹਿਤ ਅੱਜ ਰਜਿੰਦਰਾ ਹਸਪਤਾਲ ‘ਚ ਸਿੱਧੂ ਦਾ ਮੈਡੀਕਲ ਕਰਵਾਇਆ ਜਾਵੇਗਾ, ਫਿਰ ਉਨ੍ਹਾਂ ਦੀ ਮੈਡੀਕਲ ਰਿਪੋਰਟ ਪਟਿਆਲਾ ‘ਚ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਅਮਿਤ ਮੱਲ੍ਹਣ ਸਾਹਮਣੇ ਪੇਸ਼ ਕੀਤੀ ਜਾਵੇਗੀ।
ਦੱਸ ਦੇਈਏ ਕਿ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਣਕ ਤੋਂ ਐਲਰਜੀ ਹੈ। ਉਸ ਨੂੰ ਜਿਗਰ ਦੀ ਸਮੱਸਿਆ ਵੀ ਹੈ। ਅਜਿਹੇ ‘ਚ ਉਹ ਦਾਲ-ਰੋਟੀ ਨਹੀਂ ਖਾ ਸਕਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਪਰ ਉਨ੍ਹਾਂ ਵੱਲੋਂ ਕੋਈ ਹੁੰਗਾਰਾ ਨਾ ਮਿਲਣ ‘ਤੇ ਸਿੱਧੂ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਡਾਕਟਰਾਂ ਦੇ ਬੋਰਡ ਤੋਂ ਡਾਈਟ ਪਲਾਨ ਤਿਆਰ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਹੀ ਅੱਗੇ ਦਾ ਕੰਮ ਹੋਵੇਗਾ।