ਸ਼ਿਮਲਾ (ਸਾਹਿਬ) : ਹਿਮਾਚਲ ਪ੍ਰਦੇਸ਼ ਦੇ ਤਿੰਨ ਆਜ਼ਾਦ ਵਿਧਾਇਕਾਂ (MLAs) ਦੇ ਅਸਤੀਫੇ ਸਵੀਕਾਰ ਨਾ ਕਰਨ ਸਬੰਧੀ ਪਟੀਸ਼ਨ ‘ਤੇ ਬੁੱਧਵਾਰ ਨੂੰ ਹਿਮਾਚਲ ਹਾਈ ਕੋਰਟ ‘ਚ ਸੁਣਵਾਈ ਹੋਈ। ਚੀਫ਼ ਜਸਟਿਸ ਐਮ. ਰਾਮਚੰਦਰ ਰਾਓ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਆਜ਼ਾਦ MLAs ਵੱਲੋਂ ਦਿੱਤੇ ਅਸਤੀਫ਼ਿਆਂ ‘ਤੇ ਫ਼ੈਸਲਾ ਨਾ ਲੈਣ ‘ਤੇ ਹਿਮਾਚਲ ਵਿਧਾਨ ਸਭਾ ਸਕੱਤਰੇਤ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
- ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਸਕੱਤਰੇਤ ਨੂੰ 24 ਅਪ੍ਰੈਲ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਵਿਧਾਨ ਸਭਾ ਸਪੀਕਰ ਵੱਲੋਂ ਅਸਤੀਫ਼ੇ ਪ੍ਰਵਾਨ ਨਾ ਕੀਤੇ ਜਾਣ ਮਗਰੋਂ ਤਿੰਨ ਆਜ਼ਾਦ ਵਿਧਾਇਕਾਂ, ਡੇਹਰਾ ਤੋਂ ਵਿਧਾਇਕ ਹੁਸ਼ਿਆਰ ਸਿੰਘ, ਹਮੀਰਪੁਰ ਤੋਂ ਆਸ਼ੀਸ਼ ਸ਼ਰਮਾ ਅਤੇ ਨਾਲਾਗੜ੍ਹ ਤੋਂ ਕੇਐਲ ਠਾਕੁਰ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਨ੍ਹਾਂ MLAs ਨੇ ਆਪਣੀ ਪਟੀਸ਼ਨ ਵਿੱਚ 22 ਮਾਰਚ ਤੋਂ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ। ਵਿਧਾਇਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਅਸਤੀਫਾ ਦਿੱਤਾ ਹੈ।
- ਦਰਅਸਲ ਵਿਧਾਨ ਸਭਾ ਸਪੀਕਰ ਨੇ ਤਿੰਨ ਆਜ਼ਾਦ ਵਿਧਾਇਕਾਂ ਨੂੰ ਉਨ੍ਹਾਂ ਦੇ ਅਸਤੀਫ਼ਿਆਂ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਲਬ ਕੀਤਾ ਸੀ। ਆਜ਼ਾਦ ਵਿਧਾਇਕ ਹੁਸ਼ਿਆਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵਿਧਾਨ ਸਭਾ ਸਪੀਕਰ ਦੇ ਕਾਰਨ ਦੱਸੋ ਨੋਟਿਸ ਦਾ ਲਿਖਤੀ ਜਵਾਬ ਦੇ ਦਿੱਤਾ ਹੈ। ਉਨ੍ਹਾਂ ਲਿਖਤੀ ਤੌਰ ‘ਤੇ ਦਿੱਤਾ ਹੈ ਕਿ ਤਿੰਨਾਂ ਨੇ ਆਪਣੀ ਮਰਜ਼ੀ ਨਾਲ ਵਿਧਾਨ ਸਭਾ ਛੱਡ ਦਿੱਤੀ ਹੈ ਅਤੇ ਇਸ ਨੂੰ ਅਸਤੀਫ਼ੇ ਦੀ ਮਿਤੀ ਤੋਂ ਸਵੀਕਾਰ ਕੀਤਾ ਜਾਣਾ ਚਾਹੀਦਾ ਹੈ।
- ਬਾਅਦ ਵਿਚ ਤਿੰਨੇ ਆਜ਼ਾਦ MLAs ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਏ ਅਤੇ ਉਨ੍ਹਾਂ ਨੂੰ ਲਿਖਤੀ ਤੌਰ ‘ਤੇ ਸੂਚਿਤ ਕੀਤਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜ਼ੀ ਨਾਲ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।