ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੇਂ ਸਾਲ ‘ਤੇ 3 ਹਜ਼ਾਰ ਤੋਂ ਵੱਧ ਮਾਸਟਰ ਕਾਡਰ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਨਗਰ ਨਿਗਮ ਭਵਨ ਵਿਖੇ ਮਾਰਕਫੈੱਡ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਅਤੇ ਨਵੇਂ ਉਤਪਾਦ ਲਾਂਚ ਕਰਨ ਮੌਕੇ ਕੀਤਾ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ 9 ਮਹੀਨਿਆਂ ਵਿੱਚ 21404 ਸਰਕਾਰੀ ਨੌਕਰੀਆਂ ਵਿੱਚ ਨਿਯੁਕਤੀ ਪੱਤਰ ਦਿੱਤੇ ਹਨ ਅਤੇ ਹੋਰ ਭਰਤੀ ਕੀਤੀ ਜਾ ਰਹੀ ਹੈ। ਇਹ ਸਾਰੀ ਭਰਤੀ ਪ੍ਰਕਿਰਿਆ ਨਿਰੋਲ ਯੋਗਤਾ ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਇਸ ਨਾਲ ਸਾਡੀ ਸਕੂਲੀ ਸਿੱਖਿਆ ਪ੍ਰਣਾਲੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੁਲਿਸ ਵਿਭਾਗ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ ਅਤੇ ਇਮਤਿਹਾਨਾਂ ਦੀਆਂ ਤਰੀਕਾਂ ਵੀ ਤੈਅ ਕੀਤੀਆਂ ਗਈਆਂ ਹਨ, ਜਿਸ ਨਾਲ ਹੁਣ ਨੌਜਵਾਨਾਂ ਨੂੰ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਭਲਕੇ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਨਾਲ ਮਾਪਿਆਂ ਨੂੰ ਆਪਣੇ ਬੱਚੇ ਦੀ ਸ਼ਖ਼ਸੀਅਤ ਬਾਰੇ ਵਿਸਥਾਰ ਨਾਲ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ ਨੇ ਸਮੂਹ ਮਾਪਿਆਂ ਨੂੰ ਇਸ ਮੀਟਿੰਗ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਰਾਜ ਵਿੱਚ ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਨਾਲ ਨੌਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀ ਭਵਿੱਖ ਵਿੱਚ ਆਪਣਾ ਮਨਚਾਹੇ ਕਿੱਤਾ ਚੁਣਨ ਲਈ ਤਿਆਰ ਹੋ ਜਾਣਗੇ।