ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਲਈ ਕਈ ਵੱਡੇ ਐਲਾਨ ਕਰ ਰਹੀ ਹੈ। ਐਮਐਸਏਪੀ ਤੋਂ ਲੈ ਕੇ ਨਵੀਆਂ ਨੀਤੀਆਂ ਤੱਕ, ਸਰਕਾਰ ਲਗਾਤਾਰ ਕਿਸਾਨਾਂ ਦੀ ਆਮਦਨ ਵਧਾਉਣ ਦੇ ਟੀਚੇ ‘ਤੇ ਲੱਗੀ ਹੋਈ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਫਾਜ਼ਿਲਕਾ ਦੇ ਕਿਸਾਨਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਦਰਅਸਲ 2020 ਵਿੱਚ ਫਾਜ਼ਿਲਕਾ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ। ਜਿਸ ਤੋਂ ਬਾਅਦ ਕਿਸਾਨ ਲੰਬੇ ਸਮੇਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਮਾਨ ਸਰਕਾਰ ਨੇ ਹੁਣ 32 ਕਰੋੜ ਰੁਪਏ ਦੀ ਪੁਰਾਣੀ ਮੁਆਵਜ਼ਾ ਰਾਸ਼ੀ ਜਾਰੀ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤਤਕਾਲੀ ਸੂਬਾ ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਇਸ ਮਾਮਲੇ ਵਿੱਚ ਢਿੱਲ ਮੱਠ ਕੀਤੀ ਜਿਸ ਕਾਰਨ ਪ੍ਰਭਾਵਿਤ ਲੋਕਾਂ ਨੂੰ ਰਾਹਤ ਨਹੀਂ ਮਿਲ ਸਕੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤਤਕਾਲੀ ਸਰਕਾਰ ਦਾ ਨਕਾਰਾਤਮਕ ਰਵੱਈਆ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਨੂੰ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਦੀ ਭਲਾਈ ਲਈ ਫਿਕਰਮੰਦ ਆਮ ਆਦਮੀ ਸਰਕਾਰ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਲੋਕਾਂ ਨੂੰ ਮੁਆਵਜ਼ੇ ਦੀ ਵੰਡ ਦੀ ਰਸਮੀ ਕਾਰਵਾਈ ਤੁਰੰਤ ਪੂਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹੁਕਮ ਦਿੱਤਾ ਕਿ ਮੁਆਵਜ਼ਾ ਬਿਨਾਂ ਕਿਸੇ ਦੇਰੀ ਦੇ ਲੋਕਾਂ ਨੂੰ ਵੰਡਿਆ ਜਾਵੇ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।